Site icon TV Punjab | Punjabi News Channel

ਬੇਅਦਬੀ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਨੇ ਜਾਰੀ ਕੀਤੇ ਹੁਕਮ

ਚੰਡੀਗੜ੍ਹ- ਬੇਅਦਬੀ ਮਾਮਲੇ ਵਿਚ ਦਰਜ ਮਾਮਲਿਆਂ ਦੀ ਪੰਜਾਬ ਸਰਕਾਰ ਦੀ ਐੱਸਆਈਟੀ ਦੀ ਬਜਾਏ ਸੀਬੀਆਈ ਤੋਂ ਹੀ ਜਾਂਚ ਕਰਵਾਏ ਜਾਣ ਦੀ ਮੰਗ ‘ਤੇ ਬੁੱਧਵਾਰ ਨੂੰ ਹਾਈ ਕੋਰਟ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤਾ ਕਿ ਉਹ ਦੋ ਹਫਤਿਆਂ ਅੰਦਰ ਇਸ ਮਾਮਲੇ ਵਿਚ ਆਪਣਾ ਜਵਾਬ ਦਾਇਰ ਕਰੇ। ਇਸ ਦੇ ਨਾਲ ਹੀ ਕੋਰਟ ਨੇ ਮਾਮਲੇ ਦੀ ਸੁਣਵਾਈ 18 ਅਕਤੂਬਰ ਤਕ ਮੁਲਤਵੀ ਕਰ ਦਿੱਤੀ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਡੇਰਾ ਮੁਖੀ ਦੀ ਇਸ ਪਟੀਸ਼ਨ ‘ਤੇ ਆਪਣਾ ਜਵਾਬ ਦਾਇਰ ਕਰਕੇ ਹਾਈ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ ਦੀ ਪੰਜਾਬ ਸਰਕਾਰ ਨੇ ਸੀਬੀਆਈ ਜਾਂਚ ਦੇ ਆਦੇਸ਼ ਵਾਪਸ ਲੈਂਦੇ ਹੋਏ ਵਿਧਾਨ ਸਭਾ ‘ਚ ਮਤਾ ਪਾਸ ਕੀਤਾ ਸੀ। ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ ‘ਤੇ ਆਪਣੀ ਮੋਹਰ ਲਗਾ ਦਿੱਤੀ ਸੀ ਅਤੇ ਹਾਈ ਕੋਰਟ ਦੇ ਆਦੇਸ਼ਾਂ ‘ਤੇ ਹੀ ਮਾਮਲੇ ਦੀ ਐੱਸਆਈਟੀ ਜਾਂਚ ਕਰ ਰਹੀ ਹੈ, ਅਜਿਹੇ ‘ਚ ਡੇਰਾ ਮੁਖੀ ਵੱਲੋਂ ਹੁਣ ਇਹ ਮੰਗ ਕਰਨਾ ਪੂਰੀ ਤਰ੍ਹਾਂ ਗ਼ਲਤ ਹੈ। ਅਜਿਹੇ ‘ਚ ਇਸ ਪਟੀਸ਼ਨ ਨੂੰ ਖਾਰਜ ਕੀਤਾ ਜਾਵੇ।

ਦਾਇਰ ਪਟੀਸ਼ਨ ‘ਚ ਡੇਰਾ ਮੁਖੀ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਦਰਜ ਐੱਫਆਈਆਰ ਦੀ ਪੰਜਾਬ ਸਰਕਾਰ ਨੇ ਨਵੰਬਰ 2015 ‘ਚ ਸੀਬੀਆਈ ਜਾਂਚ ਦੇ ਆਦੇਸ਼ ਦੇ ਦਿੱਤੇ ਸਨ ਪਰ ਬਾਅਦ ਵਿਚ ਰਾਜ ਵਿਚ ਸਰਕਾਰ ਬਦਲਦੇ ਹੀ ਇਸ ਮਾਮਲੇ ਦੀ ਜਾਂਚ ਲਈ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਦਾ ਗਠਨ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਬਾਅਦ ਵਿਚ ਅਗਸਤ 2018 ‘ਚ ਪੰਜਾਬ ਸਰਕਾਰ ਨੇ ਵਿਧਾਨ ਸਭਾ ‘ਚ ਮਤਾ ਪਾਸ ਕਰਕੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਆਦੇਸ਼ ਵਾਪਸ ਲੈ ਲਏ ਸਨ।

Exit mobile version