ਅੰਮ੍ਰਿਤਸਰ- ਜੂਨ ਮਹੀਨੇ ਪਾਕਿਸਤਾਨ ਜਾਣ ਵਾਲੀ ਸਿੱਖ ਸੰਗਤ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਹੁਕਮ ਜਾਰੀ ਕੀਤੇ ਹਨ । ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੂੰ ਪੱਤਰ ਭੇਜ ਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਇਹ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿ ਉਹ ਪਾਕਿਸਤਾਨ ਪਹੁੰਚਣ ਤੋਂ ਬਾਅਦ ਉਥੋਂ ਦੇ ਕਿਸੇ ਵੀ ਅਧਿਕਾਰੀ ਜਾਂ ਨਿਵਾਸੀ ਦੀ ਪ੍ਰਾਹੁਣਚਾਰੀ ਦਾ ਹਿੱਸਾ ਨਾ ਬਣਨ। ਜੱਥੇ ਦੇ ਨਾਲ ਗਿਆ ਕੋਈ ਸ਼ਰਧਾਲੂ ਜੇਕਰ ਪਾਕਿਸਤਾਨ ਪਹੁੰਚ ਜਾਂਦਾ ਹੈ ਅਤੇ ਕਿਸੇ ਪਾਕਿ ਅਧਿਕਾਰੀ ਜਾਂ ਪਾਕਿ ਨਿਵਾਸੀ ਦੀ ਮਹਿਮਾਨ ਨਵਾਜ਼ੀ ਦਾ ਹਿੱਸਾ ਬਣ ਜਾਂਦਾ ਹੈ ਤਾਂ ਉਸ ਦਾ ਨਾਂ ਭਵਿੱਖ ਵਿੱਚ ਬਲੈਕ ਲਿਸਟ ਵਿੱਚ ਪਾ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 21 ਜੂਨ ਨੂੰ 300 ਤੋਂ ਵੱਧ ਸੰਗਤ ਦਾ ਜੱਥਾ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋ ਰਿਹਾ ਹੈ ।ਜਿਸ ਬਾਬਤ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਇਹ ਹਿਦਾਇਤ ਜਾਰੀ ਕੀਤੀ ਹੈ । ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦਾ ਇਹ ਪੱਤਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪਹੁੰਚ ਗਿਆ ਹੈ। ਪੱਤਰ ਵਿੱਚ ਸਖ਼ਤੀ ਨਾਲ ਕਿਹਾ ਗਿਆ ਹੈ ਕਿ ਹਰ ਸ਼ਰਧਾਲੂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪਾਕਿਸਤਾਨੀ ਅਧਿਕਾਰੀਆਂ ਦੇ ਕਿਸੇ ਵੀ ਤਰ੍ਹਾਂ ਦੇ ਤਾਲਮੇਲ ਤੋਂ ਦੂਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਤੋਂ ਹਰ ਸਾਲ ਵੱਡੀ ਗਿਣਤੀ ਵਿਚ ਸੰਗਤਾਂ ਗੁਰੂਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਂਦੀਆਂ ਹਨ। ਇਸ ਦੇ ਨਾਲ ਹੀ ਸੰਗਤਾਂ ਵਿੱਚ ਵੀ ਇਹੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 22 ਜੂਨ ਨੂੰ ਜਥਾ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ, 24 ਜੂਨ ਨੂੰ ਗੁਰਦੁਆਰਾ ਪੰਜਾ ਸਾਹਿਬ ਜਾਵੇਗਾ। ਇਹ ਜਥਾ 27 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪੁੱਜੇਗਾ ਅਤੇ 30 ਜੂਨ ਨੂੰ ਵਾਪਸ ਭਾਰਤ ਪਰਤੇਗਾ।