ਪਰਾਲੀ ਨੂੰ ਅੱਗ ਨਾ ਲਾਉਣ ਵਾਲੇ 50 ਕਿਸਾਨਾਂ ਦਾ ਸਨਮਾਨ

ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ 50 ਕਿਸਾਨਾਂ ਦਾ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਨਮਾਨ ਕੀਤਾ ਗਿਆ। ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਬਲਾਕਾਂ ਤੋਂ ਚੁਣੇ ਗਏ 50 ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅਮਰਜੀਤ ਬੈਂਸ ਵੱਲੋਂ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਇਨ੍ਹਾਂ ਕਿਸਾਨਾਂ ਨੂੰ ਸਾਲ 2020-21 ਦੌਰਾਨ ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਸਗੋਂ ਇਸ ਨੂੰ ਜ਼ਮੀਨ ਵਿਚ ਵਾਹ ਕੇ ਸੁਚੱਜੇ ਪ੍ਰਬੰਧਨ ਸਬੰਧੀ ਕੀਤੇ ਗਏ ਉਪਰਾਲਿਆਂ ਸਦਕਾ ਸਨਮਾਨਿਤ ਕੀਤਾ ਗਿਆ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਨਮਾਨ ਹਾਸਲ ਕਰਨ ਵਾਲੇ ਕਿਸਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਨ੍ਹਾਂ ਸਨਮਾਨਿਤ ਕੀਤੇ ਗਏ ਕਿਸਾਨਾਂ ਰਾਹੀਂ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਦਾ ਸੁਨੇਹਾ ਹੋਰਨਾਂ ਕਿਸਾਨਾਂ ਤੱਕ ਪੁੱਜੇਗਾ ਅਤੇ ਇਹ ਕਿਸਾਨ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਸਾਬਤ ਹੋਣਗੇ।

ਉਨ੍ਹਾਂ ਕਿਹਾ ਕਿ ਖੇਤਾਂ ਵਿਚ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਸਦਕਾ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ, ਜਿਸ ਨਾਲ ਕਿਸਾਨ ਫ਼ਸਲਾਂ ਦਾ ਵੱਧ ਝਾੜ ਪ੍ਰਾਪਤ ਕਰਕੇ ਆਪਣੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰ ਸਕਦੇ ਹਨ।

ਸ਼੍ਰੀ ਬੈਂਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਵੱਖ-ਵੱਖ ਮਸ਼ੀਨਾਂ ਦੀ ਵਰਤੋਂ ਕਰਦੇ ਹੋਏ ਇਸ ਦੇ ਸੁਚੱਜੇ ਪ੍ਰਬੰਧਨ ਸਦਕਾ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਸਨਮਾਨਿਤ ਕਿਸਾਨਾਂ ਨੂੰ ਆਪਣੇ ਪਿੰਡਾਂ ਵਿਚ ਪੰਚਾਇਤਾਂ ਰਾਹੀਂ ਸਮੂਹਿਕ ਰੂਪ ਵਿਚ ਮਤੇ ਪਾ ਕੇ ਸਮੁੱਚੇ ਪਿੰਡ ਵਿਚ ਪਰਾਲੀ ਨੂੰ ਨਾ ਸਾੜਨ ਸਬੰਧੀ ਤਹੱਈਆ ਕਰਨ ਲਈ ਪ੍ਰੇਰਿਤ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਪੰਚਾਇਤ ਪੱਧਰ, ਖੇਤੀ ਮਸ਼ੀਨਰੀ ਸੇਵਾ ਸੈਂਟਰ ਪੱਧਰ ਅਤੇ ਵਿਅਕਤੀਗਤ ਪੱਧਰ ‘ਤੇ ਕਿਸਾਨਾਂ ਨੂੰ ਇਸ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਨੂੰ ਨਾ ਸਾੜਨ ਲਈ ਨਕਦ ਇਨਾਮਾਂ ਨਾਲ ਵੀ ਨਿਵਾਜ਼ਿਆ ਜਾਵੇਗਾ।

ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਡਾ. ਸੁਰਿੰਦਰ ਸਿੰਘ ਨੇ ਵੀ ਸਨਮਾਨ ਹਾਸਲ ਕਰਨ ਵਾਲੇ ਕਿਸਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਇਹ ਕਿਸਾਨ ਭਵਿੱਖ ਵਿਚ ਵੀ ਪਰਾਲੀ ਸਾੜਨ ਦੇ ਰੁਝਾਨ ਤੋਂ ਦੂਰ ਰਹਿਣਗੇ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਸਰਕਾਰ ਵੱਲੋਂ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਂਦੀ ਮਸ਼ੀਨਰੀ ਰਾਹੀਂ ਇਸਦਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨਗੇ।

ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਆਈ ਖੇਤ ਮਸ਼ੀਨ ਐਪ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਇਨ ਬੀਰ ਸਿੰਘ ਪਿੰਡ ਨੰਗਲ ਕਰਾਰ ਖਾਂ, ਕੁਲਵਿੰਦਰ ਸਿੰਘ, ਹਰਿੰਦਰ ਸਿੰਘ ਪਿੰਡ ਸ਼ਾਹਪੁਰ ਬਲਾਕ ਨਕੋਦਰ, ਗੁਰਪ੍ਰੀਤ ਸਿੰਘ ਸ਼ਾਹਕੋਟ ਸਮੇਤ ਵੱਖ ਵੱਖ ਕਿਸਾਨਾਂ ਨੇ ਸਨਮਾਨ ਪ੍ਰਾਪਤ ਕਰਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨਗੇ।

ਇਸ ਮੌਕੇ ਇੰਜ. ਨਵਦੀਪ ਸਿੰਘ, ਖੇਤੀਬਾੜੀ ਅਫ਼ਸਰ ਡਾ. ਨਰੇਸ਼ ਗੁਲਾਟੀ ਸਮੇਤ ਹੋਰ ਅਧਿਕਾਰੀਆਂ ਤੋਂ ਇਲਾਵਾ ਕਿਸਾਨ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ