New Delhi- ਭਾਰਤ ਵਲੋਂ ਕੈਨੇਡਾ ਨੂੰ ਆਪਣੇ ਡਿਪਲੋਮੈਟਾਂ ਦੀ ਗਿਣਤੀ ਸੀਮਤ ਕਰਨ ਲਈ ਕਹਿਣ ਦੇ ਮੁੱਦੇ ’ਤੇ ਹੁਣ ਭਾਰਤ ਦੇ ਵਿਦੇਸ਼ ਮੰਤਰਾਲੇ ਦਾ ਬਿਆਨ ਸਾਹਮਣੇ ਆਇਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਸੀਂ ਭਾਰਤ ’ਚ ਕੈਨੇਡਾ ਦੀ ਡਿਪਲੋਮੈਟਿਕ ਮੌਜੂਦਗੀ ’ਚ ਸਮਾਨਤਾ ਦੀ ਮੰਗ ਕੀਤੀ ਹੈ ਅਤੇ ਇਸ ਸਬੰਧ ’ਚ ਗੱਲਬਾਤ ਜਾਰੀ ਹੈ। ਸਾਡਾ ਧਿਆਨ ਕੈਨੇਡਾ ਦੀ ਕੂਟਨੀਤਕ ਮੌਜੂਦਗੀ ’ਚ ਬਰਾਬਰੀ ਨੂੰ ਯਕੀਨੀ ਬਣਾਉਣ ’ਤੇ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਕੈਨੇਡੀਅਨ ਡਿਪਲੋਮੈਟਾਂ ਦੇ ਸਬੰਧ ਵਿੱਚ ਇੱਕ ਨਿਯਮਤ ਬ੍ਰੀਫਿੰਗ ਦੌਰਾਨ ਕਿਹਾ ਕਿ ਭਾਰਤ ’ਚ ਕੈਨੇਡੀਅਨ ਡਿਪਲੋਮੈਟਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਅਸੀਂ ਸਮਾਨਤਾ ਬਾਰੇ ਚਰਚਾ ਕੀਤੀ ਹੈ। ਸਾਡੇ ਅੰਦਰੂਨੀ ਮਾਮਲਿਆਂ ’ਚ ਉਨ੍ਹਾਂ ਦੀ ਦਖਲਅੰਦਾਜ਼ੀ ਦੇ ਮੱਦੇਨਜ਼ਰ, ਅਸੀਂ ਆਪਣੀ-ਆਪਣੀ ਬਰਾਬਰ ਦੀ ਕੂਟਨੀਤਕ ਮੌਜੂਦਗੀ ਦੀ ਮੰਗ ਕੀਤੀ ਹੈ। ਇਸ ਸਬੰਧੀ ਚਰਚਾ ਚੱਲ ਰਹੀ ਹੈ ਅਤੇ ਸਾਡਾ ਮੰਨਣਾ ਹੈ ਕਿ ਇਸ ’ਚ ਕਮੀ ਆਵੇਗੀ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਭਾਰਤ ਨੇ ਟਰੂਡੋ ਸਰਕਾਰ ਨੂੰ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਅਲਟੀਮੇਟਮ ਦਿੱਤਾ ਸੀ। ਮੋਦੀ ਸਰਕਾਰ ਨੇ ਕੈਨੇਡਾ ਨੂੰ 10 ਅਕਤੂਬਰ ਤੱਕ ਭਾਰਤ ਤੋਂ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਭਾਰਤ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ 10 ਅਕਤੂਬਰ ਤੋਂ ਬਾਅਦ ਵੀ ਜੇਕਰ ਇਹ ਡਿਪਲੋਮੈਟ ਭਾਰਤ ਵਿੱਚ ਰਹਿੰਦੇ ਹਨ ਤਾਂ ਉਨ੍ਹਾਂ ਦੀ ਕੂਟਨੀਤਕ ਛੋਟ ਵੀ ਰੱਦ ਕਰ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਇਸ ਸਮੇਂ ਭਾਰਤ ’ਚ ਕੈਨੇਡਾ ਦੇ 62 ਡਿਪਲੋਮੈਟ ਹਨ। ਭਾਰਤ ਸਰਕਾਰ ਨੇ ਇਸ ਗਿਣਤੀ ਨੂੰ ਘਟਾ ਕੇ 21 ਕਰਨ ਲਈ ਕਿਹਾ ਹੈ।
ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਤਣਾਅ ਉਦੋਂ ਪੈਦਾ ਹੋਇਆ ਸੀ ਜਦੋਂ ਬੀਤੀ 18 ਸਤੰਬਰ ਨੂੰ ਕੈਨੇਡਾ ਨੇ ਹਰਦੀਪ ਨਿੱਝਰ ਦੀ ਹੱਤਿਆ ਦੇ ਮਾਮਲੇ ’ਚ ਭਾਰਤ ਦੀ ਸ਼ਮੂਲੀਅਤ ਦਾ ਦੋਸ਼ ਲਾਉਂਦਿਆਂ ਇੱਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਦੇਸ਼ ਵਿੱਚੋਂ ਕੱਢ ਦਿੱਤਾ ਸੀ, ਜਿਸ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਅੰਦਰ ਦੇਸ਼ ਛੱਡਣ ਦਾ ਹੁਕਮ ਵੀ ਜਾਰੀ ਕਰ ਦਿੱਤਾ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਸੰਸਦ ’ਚ ਬੋਲਦਿਆਂ ਭਾਰਤ ’ਤੇ ਦੋਸ਼ ਲਾਇਆ ਸੀ ਕਿ ਕੈਨੇਡੀਅਨ ਨਾਗਰਿਕ ਹਰਦੀਪ ਨਿੱਝਰ ਦੇ ਕਤਲ ’ਚ ਭਾਰਤ ਦੀ ਸ਼ਮੂਲੀਅਤ ਦੇ ਪੁਖਤਾ ਸਬੂਤ ਮਿਲੇ ਹਨ ਅਤੇ ਇਹ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ। ਟਰੂਡੋ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਹਰਦੀਪ ਨਿੱਝਰ ਦੇ ਕਤਲ ਦਰਮਿਆਨ ਸਬੰਧਾਂ ਦੇ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ। ਹਾਲਾਂਕਿ ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਹੈ ਕਿ ਕੈਨੇਡਾ ’ਚ ਹਿੰਸਾ ਦੀ ਕਿਸੇ ਵੀ ਘਟਨਾ ’ਚ ਭਾਰਤ ਸਰਕਾਰ ਦੇ ਸ਼ਾਮਲ ਹੋਣ ਦੇ ਦੋਸ਼ ਬੇਬੁਨਿਆਦ ਅਤੇ ਪ੍ਰੇਰਿਤ ਹਨ।