Site icon TV Punjab | Punjabi News Channel

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਇਕੋ ਛੱਤ ਹੇਠ ਲਾਭ ਉਠਾਉਣ ਦਾ ਦਿੱਤਾ ਸੱਦਾ

ਜਲੰਧਰ : ਜ਼ਿਲ੍ਹਾ ਵਾਸੀਆਂ ਨੂੰ ਇਕੋ ਛੱਤ ਹੇਠ ਪੰਜਾਬ ਸਰਕਾਰ ਦੀਆਂ 19 ਲੋਕ ਭਲਾਈ ਸਕੀਮਾਂ ਦਾ ਲਾਭ ਉਠਾਉਣ ਵਿਚ ਸਹਾਇਤਾ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਸੁਵਿਧਾ ਕੈਂਪ ਲਗਾਏ ਗਏ, ਜਿਥੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਫਾਰਮ ਭਰੇ ਗਏ।

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਵਿਧਾ ਕੈਂਪ ਦਾ ਉਦਘਾਟਨ ਕਰਨ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਇਹ ਕੈਂਪ ਜ਼ਮੀਨੀ ਪੱਧਰ ਤੱਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਪਹੁੰਚਾਉਣ ਵਿਚ ਸਹਾਈ ਸਿੱਧ ਹੋਣਗੇ।

ਉਨ੍ਹਾਂ ਦੱਸਿਆ ਕਿ ਅੱਜ ਵੀਰਵਾਰ ਨੂੰ ਜ਼ਿਲ੍ਹਾ ਜਲੰਧਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਲੰਧਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਖੇ ਚਾਰ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 29 ਅਕਤੂਬਰ ਨੂੰ ਵੀ ਇਹ ਕੈਂਪ ਲਗਾਏ ਜਾਣਗੇ।

ਸ੍ਰੀ ਥੋਰੀ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਗਏ ਸੁਵਿਧਾ ਕੈਂਪ ਦੌਰਾਨ ਬੁਢਾਪਾ ਪੈਨਸ਼ਨ ਦੇ 80, ਵਿਧਵਾ ਪੈਨਸ਼ਨ ਦੇ 14, ਬੇਸਹਾਰਾ/ਅਨਾਥ ਪੈਨਸ਼ਨ ਦੇ ਚਾਰ ਅਤੇ ਵਿਸ਼ੇਸ਼ ਲੋੜਾਂ (ਦਿਵਿਆਂਗ) ਸ੍ਰੇਣੀ ਦਾ ਇਕ ਪੈਨਸ਼ਨ ਪੱਤਰ ਮੌਕੇ ’ਤੇ ਹੀ ਯੋਗ ਲਾਭਪਾਤਰੀਆਂ ਨੂੰ ਸੌਂਪੇ ਗਏ।

ਮੁੱਖ ਮੰਤਰੀ ਪੰਜਾਬ ਸ੍ਰ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਸ ਸ਼ੁਰੂਆਤ ਨੂੰ ਨਿਵੇਕਲੀ ਪਹਿਲ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੁਹਿੰਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਵਿਚ ਬਹੁਤ ਲਾਹੇਵੰਦ ਸਿੱਧ ਹੋਵੇਗੀ।

ਇਸ ਮੌਕੇ ਆਉਣ ਵਾਲੇ ਲੋਕਾਂ ਨੂੰ 19 ਭਲਾਈ ਸਕੀਮਾਂ ਜਿਨਾਂ ਵਿੱਚ ਬੱਸ ਪਾਸ, ਐਲ.ਪੀ.ਜੀ.,  ਬਿਜਲੀ ਬਿੱਲ ਮੁਆਫ਼ੀ, ਬਿਜਲੀ ਸਬੰਧੀ ਸ਼ਿਕਾਇਤਾਂ, ਸੀ.ਐਲ.ਯੂ., ਸਮਾਜਿਕ ਸੁਰੱਖਿਆ ਸਕੀਮਾਂ, ਸਰਬੱਤ ਸਿਹਤ ਬੀਮਾ ਯੋਜਨਾ, ਜਲ ਸਪਲਾਈ ਕੁਨੈਕਸ਼ਨ, ਮਾਲ ਵਿਭਾਗ, ਕਰਜ਼ੇ, ਪੰਜ ਮਰਲਿਆਂ ਦੇ ਪਲਾਟ ਦੀ ਅਲਾਟਮੈਂਟ, ਅਸ਼ੀਰਵਾਦ ਸਕੀਮ ਅਤੇ ਵਜ਼ੀਫ਼ਾ ਸਕੀਮ ਸ਼ਾਮਿਲ ਹਨ, ਲਈ ਫਾਰਮ ਭਰਨ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ।

ਇਸ ਮੌਕੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਵਲੋਂ ਉਨ੍ਹਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਇਕੋ ਛੱਤ ਹੇਠ ਲਿਆਂਦਾ ਗਿਆ ਹੈ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਕੈਂਪਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਭਰ ਵਿਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜਲੰਧਰ ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਸੁਵਿਧਾ ਕੈਂਪ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 154 ਫਾਰਮ ਭਰੇ ਗਏ ਹਨ, ਜਿਨ੍ਹਾਂ ਵਿਚੋਂ 151 ਯੋਗ ਪਾਏ ਗਏ ਅਤੇ 98 ਲਾਭਪਾਤਰੀਆਂ ਨੂੰ ਮੌਕੇ ’ਤੇ ਹੀ ਪ੍ਰਵਾਨਗੀ ਪੱਤਰ ਸੌਂਪੇ ਗਏ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿਚ 1.87 ਲੱਖ ਲਾਭਪਾਤਰੀਆਂ, ਜਿਨਾਂ ਵਿਚ 1,23,024 ਬੁਢਾਪਾ ਪੈਨਸ਼ਨਰ, 42,652 ਵਿਧਵਾ ਪੈਨਸ਼ਨਰ, 10743 ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਅਤੇ 10834 ਬੇਸਹਾਰਾ/ਦੂਜਿਆਂ ’ਤੇ ਨਿਰਭਰ ਬੱਚੇ ਸ਼ਾਮਿਲ ਹਨ, ਨੂੰ 28,08,49,500 ਰੁਪਏ ਦੀ ਪ੍ਰਤੀ ਮਹੀਨਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਪੈਨਸ਼ਨ ਰਾਸ਼ੀ ਬੈਂਕ ਖਾਤਿਆਂ ਵਿਚ ਪ੍ਰਾਪਤ ਕਰਨ ਸਬੰਧੀ ਕੋਈ ਮੁਸ਼ਕਿਲ ਪੇਸ਼ ਆ ਰਹੀ ਹੈ ਤਾਂ ਤੁਰੰਤ ਅਧਾਰ ਕਾਰਡ ਦੀ ਕਾਪੀ ਵਿਭਾਗ ਪਾਸ ਜਮ੍ਹਾ ਕਰਵਾਈ ਜਾਵੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਬੈਂਸ, ਉਪ ਮੰਡਲ ਮੈਜਿਸਟਰੇਟ ਬਲਬੀਰ ਰਾਜ ਸਿੰਘ, ਹਰਪ੍ਰੀਤ ਸਿੰਘ ਅਟਵਾਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ

Exit mobile version