ਭਾਰਤੀ ਚੋਣ ਕਮਿਸ਼ਨ ਨੇ ਕਰਵਾਈ ਆਈਟੀ ਐਪਲੀਕੇਸ਼ਨ ਵਰਚੁਅਲ ਟ੍ਰੇਨਿੰਗ

ਜਲੰਧਰ : ਵਿਧਾਨ ਸਭਾ ਚੋਣਾਂ-2022 ਦੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਟੈਸਟਿੰਗ ਆਨ ਲਾਈਵ ਐਪਲੀਕੇਸ਼ਨਜ਼ ਸਬੰਧੀ ਕੀਤੀ ਗਈ ਵਰਚੂਅਲ ਕਾਨਫਰੰਸ ਵਿਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਘਨਸ਼ਿਆਮ ਥੋਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਜਸਪ੍ਰੀਤ ਸਿੰਘ ਅਤੇ ਸਮੂਹ ਰਿਟਰਨਿੰਗ ਅਫਸਰਾਂ ਨੇ ਹਿੱਸਾ ਲਿਆ।

ਇਸ ਵਰਚੂਅਲ ਕਾਨਫਰੰਸ ਵਿਚ ਜ਼ਿਲ੍ਹਾ ਚੋਣ ਅਫ਼ਸਰ ਅਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਵੱਲੋਂ ਆਈ.ਟੀ. ਐਪਲੀਕੇਸ਼ਨਜ਼ ਸੀ-ਵਿਜਿਲ (C-Vigil), ਵੋਟਰ ਟਰਨਆਊਟ ਅਤੇ ਏਨਕੋਰ (Voter Turnout and ENCORE) (Counting Module) ਦੀ ਪ੍ਰਕਿਰਿਆ ਬਾਰੇ ਸਿਖਲਾਈ ਹਾਸਲ ਕੀਤੀ ਗਈ। ਇਸ ਦੌਰਾਨ ਇਨ੍ਹਾਂ ਐਪਲੀਕੇਸ਼ਨਾਂ ਸਬੰਧੀ ਲਾਈਵ ਡੈਮੋ ਵੀ ਕੀਤਾ ਗਿਆ।

ਸਿਖਲਾਈ ਉਪਰੰਤ ਡਿਪਟੀ ਕਮਿਸ਼ਨਰ ਨੇ ਸਮੂਹ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਕਮਿਸ਼ਨ ਵੱਲੋਂ ਚੋਣਾਂ ਦੇ ਕੰਮ ਨੂੰ ਸੁਖਾਲਾ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਐਪਲੀਕੇਸ਼ਨਾਂ ਸਬੰਧੀ ਦਿੱਤੀ ਗਈ ਸਿਖਲਾਈ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਸੀ-ਵਿਜਿਲ ਐਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣਾਂ ਦੇ ਐਲਾਨ ਉਪਰੰਤ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕੋਈ ਵੀ ਵਿਅਕਤੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਇਸ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਉਪਰੰਤ ਉੱਡਣ ਦਸਤਿਆਂ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾਂਦੀ ਹੈ ਅਤੇ ਇਸ ਐਪ ‘ਤੇ ਅਪਲੋਡ ਕੀਤੀ ਗਈ ਸ਼ਿਕਾਇਤ ‘ਤੇ 100 ਮਿੰਟ ਵਿਚ ਕਾਰਵਾਈ ਯਕੀਨੀ ਬਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਮਿਸ਼ਨ ਵੱਲੋਂ ਦਿੱਤੀ ਗਈ ਸਿਖਲਾਈ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਟੀਵੀ ਪੰਜਾਬ ਬਿਊਰੋ