ਡੈਸਕ- 1984 ਦੇ ਸਿੱਖ ਕਤਲੇਆਮ ਮਾਮਲੇ ‘ਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ‘ਤੇ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਕਾਂਗਰਸੀ ਆਗੂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਹਨ। ਸੀਬੀਆਈ ਨੇ 20 ਮਈ 2023 ਨੂੰ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਇਸ ਤੋਂ ਪਹਿਲਾਂ 19 ਜੁਲਾਈ ਨੂੰ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਇਸ ਮਾਮਲੇ ਵਿੱਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਇਕ ਗਵਾਹ ਨੇ ਆਰੋਪ ਲਾਇਆ ਸੀ ਕਿ ਟਾਈਟਲਰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਅੰਬੈਸਡਰ ਕਾਰ ਤੋਂ ਉਤਰੇ ਅਤੇ ਭੀੜ ਨੂੰ ਸਿੱਖਾਂ ਦੇ ਕਤਲ ਲਈ ਉਕਸਾਇਆ।
ਸੀਬੀਆਈ ਨੇ ਆਪਣੀ ਚਾਰਜਸ਼ੀਟ ਵਿੱਚ ਕਿਹਾ ਸੀ ਕਿ ਸਿੱਖ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰੇ ਦੇ ਆਜ਼ਾਦ ਮਾਰਕੀਟ ਇਲਾਕੇ ਵਿੱਚ ਮੌਜੂਦ ਜਗਦੀਸ਼ ਟਾਈਟਲਰ ਨੇ ਭੀੜ ਨੂੰ ਭੜਕਾਇਆ ਸੀ, ਜਿਸ ਤੋਂ ਬਾਅਦ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਹਿੰਸਾ ਵਿੱਚ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਮਾਰੇ ਗਏ ਸਨ। ਸੀਬੀਆਈ ਨੇ ਟਾਈਟਲਰ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 147 (ਦੰਗੇ), 109 (ਉਕਸਾਉਣ) ਅਤੇ 302 (ਕਤਲ) ਦੇ ਤਹਿਤ ਦੋਸ਼ੀ ਠਹਿਰਾਇਆ ਸੀ।
ਸੀਬੀਆਈ ਨੂੰ ਘਟਨਾ ਦੇ 39 ਸਾਲ ਬਾਅਦ ਟਾਈਟਲਰ ਖ਼ਿਲਾਫ਼ ਨਵੇਂ ਸਬੂਤ ਮਿਲੇ ਸਨ। ਸੀਬੀਆਈ ਨੇ ਟਾਈਟਲਰ ਦੇ ਭਾਸ਼ਣ ਦੀ ਆਡੀਓ ਕਲਿੱਪ ਜਾਂਚ ਲਈ ਸੀਐਫਐਸਐਲ ਲੈਬ ਨੂੰ ਭੇਜੀ ਸੀ। ਸੀਐਫਐਸਐਲ ਲੈਬ ਵਿੱਚ ਟਾਈਟਲਰ ਦੀਆਂ ਆਡੀਓ ਕਲਿੱਪਾਂ ਦਾ ਮੇਲ ਕੀਤਾ ਗਿਆ ਸੀ। ਮੰਨਿਆ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਦੀ ਆਵਾਜ਼ ਕਈ ਸਾਲਾਂ ਬਾਅਦ ਵੀ ਉਹ ਜਿਹੀ ਹੀ ਰਹਿੰਦੀ ਹੈ।
ਆਵਾਜ਼ ਵਿੱਚ ਸਮੱਸਿਆ ਉਦੋਂ ਹੀ ਆਉਂਦੀ ਹੈ ਜਦੋਂ ਖਰਾਬ ਸਿਹਤ ਕਾਰਨ ਵੋਕਲ ਕੋਰਡ ਖਰਾਬ ਹੋ ਜਾਂਦੀ ਹੈ। ਨਹੀਂ ਤਾਂ ਆਵਾਜ਼ ਵਿੱਚ ਬਦਲਾਅ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਲਈ ਜਦੋਂ ਦੰਗਿਆਂ ਦੇ 39 ਸਾਲਾਂ ਬਾਅਦ ਟਾਈਟਲਰ ਦੀ ਆਵਾਜ਼ ਮੇਲ ਖਾਦੀ ਤਾਂ ਸਥਿਤੀ ਸਪੱਸ਼ਟ ਹੋ ਗਈ। 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਸਿੱਖ ਅੰਗ ਰੱਖਿਅਕਾਂ ਵੱਲੋਂ ਹੱਤਿਆ ਕਰਨ ਤੋਂ ਬਾਅਦ ਦਿੱਲੀ ਅਤੇ ਹੋਰ ਇਲਾਕਿਆਂ ਵਿੱਚ ਸਿੱਖ ਭਾਈਚਾਰੇ ‘ਤੇ ਹਮਲੇ ਹੋਏ ਸਨ। ਕੁਝ ਹੀ ਸਮੇਂ ਵਿਚ ਇਸ ਨੇ ਹਿੰਸਾ ਦਾ ਰੂਪ ਧਾਰਨ ਕਰ ਲਿਆ ਸੀ।