Ottawa-
ਕੈਨੇਡਾ ’ਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਦਿੱਤੇ ਗਏ ਬਿਆਨ ’ਤੇ ਹੁਣ ਐਨ. ਡੀ. ਪੀ. ਆਗੂ ਜਗਮੀਤ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਗਮੀਤ ਸਿੰਘ ਨੇ ਕਥਿਤ ਤੌਰ ’ਤੇ ਹੱਤਿਆ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਜਨਤਕ ਜਾਂਚ ਕੀਤੀ ਜਾਵੇ ਅਤੇ ਨਾਲ ਹੀ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ’ਚ ਲਿਆਂਦਾ ਜਾਵੇ।
ਉਨ੍ਹਾਂ ਕਿਹਾ ਕਿ ਅਸੀਂ ਛੋਟੇ ਹੁੰਦੇ ਤੋਂ ਸੁੁਣਿਆ ਸੀ ਕਿ ਹਿੰਦੁਸਤਾਨ ਦੀ ਹਕੂਮਤ ਬਹੁਤ ਜ਼ੁਲਮ ਕਰਦੀ ਆਈ ਹੈ ਪਰ ਸਾਨੂੰ ਕਦੇ ਨਹੀਂ ਪਤਾ ਸੀ ਕਿ ਕੈਨੇਡਾ ਆ ਕੇ ਇਸ ਤਰ੍ਹਾਂ ਦਾ ਖ਼ਤਰਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੈਂ ਆਪਣੀ ਕੋਸ਼ਿਸ਼ ਜਾਰੀ ਰੱਖਾਂਗਾ ਅਤੇ ਹਟਾਂਗਾ ਨਹੀਂ ਜਦੋਂ ਤੱਕ ਇਸ ਮਾਮਲੇ ’ਚ ਨਿਆਂ ਨਹੀਂ ਮਿਲ ਜਾਂਦਾ ਅਤੇ ਜਦੋਂ ਤੱਕ ਇਸ ਮਾਮਲੇ ’ਚ ਜੁੜੇ ਸਾਰੇ ਲਿੰਕਾਂ ਦੀ ਖੋਜ ਨਹੀਂ ਕਰ ਲਈ ਜਾਂਦੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਹਾਊਸ ਕਾਮਨਜ਼ ’ਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਸਰਕਾਰ ’ਤੇ ਦੋਸ਼ ਲਾਇਆ ਸੀ। ਉਨ੍ਹਾਂ ਕਿਹਾ ਕਿ ਕੈਨੇਡਾ ਦੇ ਸੁਰੱਖਿਆ ਤੰਤਰ ਕੋਲ ਇਹ ਮੰਨਣ ਦੇ ਕਾਰਨ ਮੌਜੂਦ ਹਨ ਕਿ ਨਿੱਝਰ ਦੀ ਹੱਤਿਆ ‘ਭਾਰਤ ਸਰਕਾਰ ਦੇ ਏਜੰਟਾਂ’ ਨੇ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਸੀ ਕਿ ਕੈਨੇਡਾ ਦੀ ਧਰਤੀ ’ਤੇ ਕਿਸੇ ਕੈਨੇਡੀਆਈ ਨਾਗਰਿਕ ਹੱਤਿਆ ’ਚ ਕਿਸੇ ਵਿਦੇਸ਼ ਸਰਕਾਰ ਦੀ ਸ਼ਮੂਲੀਅਤ ਸਾਡੀ ਪ੍ਰਭੂਸੱਤਾ ਦੀ ਅਸਵੀਕਾਰਨਯੋਗ ਉਲੰਘਣਾ ਹੈ, ਜਿਨ੍ਹਾਂ ਦੁਆਰਾ ਆਜ਼ਾਦ, ਖੁੱਲ੍ਹੇ ਅਤੇ ਜਮਹੂਰੀ ਸਮਾਜ ਆਪਣੇ ਆਪ ਨੂੰ ਚਲਾਉਂਦੇ ਹਨ।
ਦੱਸਣਯੋਗ ਹੈ ਕਿ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਬੀਤੀ 18 ਜੂਨ ਸਰੀ ਦੇ ਇੱਕ ਗੁਰਦੁਆਰੇ ਦੇ ਬਾਹਰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।