ਜਲੰਧਰ : ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ, ਜਿਸ ਤਹਿਤ ਘਰਾਂ ਵਿਚ ਜਾ ਕੇ ਲਾਰਵਾ ਚੈੱਕ ਕਰਨ ਤੋਂ ਇਲਾਵਾ ਜਾਗਰੂਕਤਾ ਗਤੀਵਿਧੀਆਂ ਵੀ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੁੱਖ ਸਕੱਤਰ, ਪੰਜਾਬ ਅਨਿਰੁੱਧ ਤਿਵਾੜੀ ਦੀ ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿਚ ਭਾਗ ਲੈਂਦਿਆਂ ਕੀਤਾ।
ਉਨ੍ਹਾਂ ਮੁੱਖ ਸਕੱਤਰ ਨੂੰ ਜ਼ਿਲ੍ਹੇ ਵਿਚ ਡੇਂਗੂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਘਰਾਂ ਵਿਚ ਡੇਂਗੂ ਦਾ ਲਾਰਵਾ ਚੈੱਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜੁਲਾਈ ਤੋਂ ਹੁਣ ਤੱਕ 19558 ਘਰਾਂ ਦਾ ਸਰਵੇ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 524 ਘਰਾਂ ਵਿਚ ਲਾਰਵਾ ਪਾਇਆ ਗਿਆ।
ਉਨ੍ਹਾਂ ਦੱਸਿਆ ਕਿ ਡੇਂਗੂ ਦਾ ਲਾਰਵਾ ਪਾਏ ਜਾਣ ‘ਤੇ 348 ਚਲਾਨ ਵੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਡੇਂਗੂ ਦੇ ਹੁਣ ਤੱਕ 165 ਸ਼ੱਕੀ ਕੇਸਾਂ ਵਿਚੋਂ 69 ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ਵਿਚੋਂ 44 ਸ਼ਹਿਰੀ ਅਤੇ 25 ਪੇਂਡੂ ਇਲਾਕੇ ਵਿਚ ਪਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਜਿਨ੍ਹਾਂ ਇਲਾਕਿਆਂ ਵਿਚ ਡੇਂਗੂ ਦੇ ਜ਼ਿਆਦਾ ਕੇਸ ਸਾਹਮਣੇ ਆਏ ਸਨ, ਉਥੇ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਵਿਚ ਸਕੂਲੀ ਬੱਚਿਆਂ ਨੂੰ ਸ਼ਾਮਲ ਕਰਦਿਆਂ ਹਾਟ ਸਪਾਟ ਇਲਾਕਿਆਂ ਵਿਚ ਜਾਗਰੂਕਤਾ ਰੈਲੀਆਂ ਕੱਢੀਆਂ ਜਾਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਉਪਾਵਾਂ ਸਬੰਧੀ ਜਾਗਰੂਕ ਕੀਤਾ ਜਾ ਸਕੇ।
ਉਨ੍ਹਾਂ ਅਧਿਕਾਰੀਆਂ ਨੂੰ ਇੰਡੀਆ ਕਲੋਨੀ, ਚੁਗਿੱਟੀ, ਨੂਰਪੁਰ ਕਲੋਨੀ, ਸੁੰਦਰ ਨਗਰ, ਜਿੰਦਾ ਫਾਟਕ, ਭਾਰਗੋ ਕੈਂਪ, ਗਾਂਧੀ ਕੈਂਪ ਅਤੇ ਭੂਰ ਮੰਡੀ ਆਦਿ ਇਲਾਕਿਆਂ ਵਿਚ ਵਿਸ਼ੇਸ਼ ਤੌਰ ‘ਤੇ ਧਿਆਨ ਕੇਂਦਰਿਤ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਇਸ ਤੋਂ ਇਲਾਵਾ ਉਨ੍ਹਾਂ ਪੇਂਡੂ ਇਲਾਕਿਆਂ ਵਿਚ ਡੇਂਗੂ ਤੋਂ ਬਚਣ ਦੇ ਉਪਾਵਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਧਾਰਮਿਕ ਅਸਥਾਨਾਂ ਦਾ ਸਹਿਯੋਗ ਲੈਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਫੋਗਿੰਗ ਨੂੰ ਰੋਟੇਸ਼ਨ ਵਾਈਜ਼ ਅਤੇ ਸ਼ਾਮ ਸਮੇਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਦੇ ਉਚਿਤ ਨਤੀਜੇ ਮਿਲ ਸਕਣ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਘਰਾਂ ਵਿਚ ਕੂਲਰਾਂ, ਗਮਲਿਆਂ, ਖਾਲੀ ਬਰਤਨਾਂ ਆਦਿ ਦੀ ਨਿਯਮਿਤ ਸਫਾਈ ਕਰਨ ਤੋਂ ਇਲਾਵਾ ਘਰਾਂ ਵਿਚ ਪਾਣੀ ਜਮ੍ਹਾ ਨਾ ਹੋਣ ਦੇਣ ਦੀ ਅਪੀਲ ਵੀ ਕੀਤੀ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਟੀਵੀ ਪੰਜਾਬ ਬਿਊਰੋ