ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਯੋਗ ਲਾਭਪਾਤਰੀਆਂ ਨੂੰ ਲਗਭਗ 20 ਲੱਖ ਖੁਰਾਕਾਂ ਦੇ ਕੇ 85 ਫੀਸਦੀ ਤੋਂ ਵੱਧ ਵਸੋਂ ਨੂੰ ਟੀਕਾਕਰਨ ਮੁਹਿੰਮ ਤਹਿਤ ਕਵਰ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੋਬਾਈਲ ਟੀਕਾਕਰਨ ਯੂਨਿਟਾਂ ਦੇ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਸੰਭਾਲ ਅਤੇ ਫਰੰਟਲਾਈਨ ਵਰਕਰਾਂ ਦੇ ਸਾਂਝੇ ਯਤਨਾਂ ਸਦਕਾ ਜ਼ਿਲ੍ਹੇ ਵੱਲੋਂ ਇਹ ਦੁਰਲੱਭ ਪ੍ਰਾਪਤੀ ਹਾਸਲ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਹੁਣ ਤੱਕ 14,34,948 ਪਹਿਲੀ ਅਤੇ 5,52,927 ਦੂਜੀ ਖੁਰਾਕ ਸਮੇਤ ਕੁੱਲ 19,87,875 ਖੁਰਾਕਾਂ ਪ੍ਰਦਾਨ ਕਰਕੇ 85 ਫੀਸਦੀ ਵਸੋਂ ਨੂੰ ਟੀਕਾਕਰਨ ਮੁਹਿੰਮ ਤਹਿਤ ਕਵਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਲਗਭਗ 33 ਫੀਸਦੀ ਵਸੋਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਪ੍ਰਦਾਨ ਕਰ ਕੇ ਮੁਕੰਮਲ ਟੀਕਾਕਰਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਵੱਧ ਤੋਂ ਵੱਧ ਆਬਾਦੀ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਵਿਚ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਸਦਕਾ ਕੋਵਿਡ -19 ਮਹਾਂਮਾਰੀ ਦੇ ਮਾਰੂ ਪ੍ਰਭਾਵਾਂ ਨੂੰ ਘੱਟ ਕੀਤਾ ਜਾ ਸਕਿਆ।
ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਡਿਊਟੀ ਦੌਰਾਨ ਦਿਖਾਏ ਗਏ ਜੋਸ਼ ਅਤੇ ਉਤਸ਼ਾਹ ਦੀ ਜਿੰਨੀ ਪ੍ਰਸ਼ੰਸਾ ਕੀਤੀ ਜਾਵੇ, ਘੱਟ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਅਧਿਕਾਰੀਆਂ/ਕਰਮਚਾਰੀਆਂ ਨੂੰ ਮਹਾਂਮਾਰੀ ਦੇ ਦੌਰਾਨ ਉਨ੍ਹਾਂ ਵੱਲੋਂ ਪਾਏ ਯੋਗਦਾਨ ਨੂੰ ਮਾਨਤਾ ਦੇਣ ਲਈ ਸਨਮਾਨਤ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਰਾਕੇਸ਼ ਚੋਪੜਾ ਨੇ ਦੱਸਿਆ ਕਿ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲਿਆਂ ਵਿਚ ਡਾਕਟਰ, ਏ.ਐਨ.ਐਮਜ਼., ਕੰਪਿਊਟਰ ਆਪ੍ਰੇਟਰਜ਼, ਕਾਲਜ ਫੈਕਲਟੀ ਅਤੇ ਟੀਕਾਕਰਨ ਮੁਹਿੰਮ ਵਿੱਚ ਸ਼ਾਮਲ ਹੋਰ ਲੋਕ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਅੱਗੇ ਕਿਹਾ ਕਿ ਟੀਮ ਦੇ ਇਨ੍ਹਾਂ ਮੈਂਬਰਾਂ ਵੱਲੋਂ ਪੂਰੇ ਜਲੰਧਰ ਵਿੱਚ ਲੱਖਾਂ ਲਾਭਪਾਤਰੀਆਂ ਦਾ ਟੀਕਾਕਰਨ ਕਰ ਕੇ ਇਸ ਮੁਹਿੰਮ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਗਈ ਹੈ।
ਉਨ੍ਹਾਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦਾ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਵਿੱਚ ਯੋਗਦਾਨ ਪਾਉਣ ਵਾਲੇ ਹਰੇਕ ਵਿਅਕਤੀ ਦਾ ਸਨਮਾਨ ਕਰਨ ਵਾਸਤੇ ਅਜਿਹੀ ਨਿਵੇਕਲੀ ਪਹਿਲ ਕਰਨ ਲਈ ਧੰਨਵਾਦ ਕੀਤਾ।
ਟੀਵੀ ਪੰਜਾਬ ਬਿਊਰੋ