Site icon TV Punjab | Punjabi News Channel

ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲੰਧਰ ਡਿਵੀਜ਼ਨ ’ਤੇ ਹੋਵੇਗੀ ਨਜ਼ਰ : ਮੀਨਾ

ਜਲੰਧਰ : ਆਈ.ਏ.ਐਸ.ਅਧਿਕਾਰੀ ਸ੍ਰੀ ਵੀ.ਕੇ. ਮੀਨਾ ਨੇ ਅੱਜ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਦਾ ਆਹੁਦਾ ਸੰਭਾਲ ਲਿਆ ਹੈ । ਉਨ੍ਹਾਂ ਨੂੰ ਅੱਜ ਸਵੇਰੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਨਮਾਨ ਵਜੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਸਮੇਤ ਵੱਖ-ਵੱਖ ਸਿਵਲ ਅਤੇ ਪੁਲਿਸ ਦੇ ਅਧਿਕਾਰੀਆਂ ਵਲੋਂ ਉਨ੍ਹਾ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ।

ਉਪਰੰਤ ਸ੍ਰੀ ਵੀ.ਕੇ.ਮੀਨਾ ਨੇ ਮੀਡੀਆ ਦੇ ਰੁ-ਬ-ਰੂ ਹੁੰਦਿਆਂ ਕਿਹਾ ਕਿ ਜਲੰਧਰ ਡਿਵੀਜ਼ਨ ਦੇ ਸਾਰੇ ਜ਼ਿਲਿ੍ਆਂ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾ ਕਿਹਾ ਕਿ ਬੁਢਾਪਾ ਪੈਨਸ਼ਨ , 5-5 ਮਰਲੇ ਦੇ ਪਲਾਟ ਸਮੇਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਵਾਉਣਾ ਵੀ ਉਨ੍ਹਾ ਦੀ ਮੁੱਖ ਤਰਜ਼ੀਹ ਹੋਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਵਿੱਢੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਵੀ ਜਲਦੀ ਮੁਕੰਮਲ ਕਰਵਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤਿਉਹਾਰੀ ਸੀਜ਼ਨਾਂ ਦੌਰਾਨ ਮਿਲਾਵਟ ਖੋਰੀ ਖਿਲਾਫ਼ ਸਖ਼ਤ ਕਦਮ ਪੁੱਟੇ ਜਾਣਗੇ। ਉਨ੍ਹਾਂ ਰੈਵਿਨਿਊ ਕੇਸਾਂ ਸਬੰਧੀ ਗੱਲ ਕਰਦਿਆਂ ਕਿਹਾ ਕਿ ਇਨ੍ਹਾਂ ਕੇਸਾਂ ਨੁੂੰ ਗੰਭੀਰਤਾ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਫ਼ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣਾ ਵੀ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ।

ਇਸ ਉਪਰੰਤ ਕਮਿਸ਼ਨਰ ਸ੍ਰੀ ਵੀ.ਕੇ.ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀਆਂ ਸੇਵਾਵਾਂ ਸਬੰਧੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਤੋਂ ਜਲਦੀ ਹੱਲ ਕਰਨਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਸਮੇਤ ਵਿਭਾਗਾਂ ਦੇ ਮੁਖੀ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਉਣ, ਤਾਂ ਜੋ ਜਨਤਾ ਨੂੰ ਇਨਾਂ ਸਕੀਮਾਂ ਦਾ ਸਮੇਂ ਸਿਰ ਲਾਭ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਰੈਵਿਨਿਊ ਕੇਸਾਂ ਵਿੱਚ ਕੋਈ ਵੀ ਕੇਸ ਪੈਂਡਿੰਗ ਨਹੀਂ ਰਹਿਣੇ ਚਾਹੀਦੇ । ਉਨ੍ਹਾਂ ਅਧਿਕਾਰੀਆਂ ਨੂੰ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਭਰੋਸਾ ਦੁਆਉਂਦਿਆ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੇਣ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਉਣ ਤੋਂ ਵਾਂਝਾ ਨਾ ਰਹੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਸ੍ਰੀ ਹਿਮਾਂਸ਼ੂ ਜੈਨ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਜਗਮੋਹਨ ਸਿੰਘ, ਐਸ.ਡੀ.ਐਮਜ਼ ਸ੍ਰੀ ਬਲਬੀਰ ਰਾਜ ਸਿੰਘ, ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਮੈਡਮ ਪੂਨਮ ਸਿੰਘ, ਸ੍ਰੀ ਲਾਲ ਵਿਸਵਾਸ਼, ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਜਲੰਧਰ ਸ੍ਰੀ ਅਮਿਤ ਮਹਾਜਨ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਜੋਤੀ ਬਾਲਾ, ਏ.ਡੀ.ਸੀ.ਪੀ. ਸ੍ਰੀ ਜਗਜੀਤ ਸਿੰਘ ਸਰੋਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

ਟੀਵੀ ਪੰਜਾਬ ਬਿਊਰੋ

Exit mobile version