Site icon TV Punjab | Punjabi News Channel

ਮੁੱਖ ਮੰਤਰੀ ਮਾਨ ਨੂੰ ਅਲਟੀਮੇਟਮ ਮਗਰੋਂ ਬੈਨ ਹੋਇਆ ਜਥੇਦਾਰ ਦਾ ਟਵਿੱਟਰ ਖਾਤਾ

ਜਲੰਧਰ- ਇਕ ਰਾਤ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਅਲਟੀਮੇਟਮ ਦੇਣ ਵਾਲੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੋਸ਼ਲ ਮੀਡੀਆ ਖਾਤੇ ‘ਤੇ ਕਾਰਵਾਈ ਕੀਤੀ ਗਈ ਹੈ । ਖਾਤੇ ਨੂੰ ਭਾਰਤ ਚ ਬੰਦ ਕਰ ਦਿੱਤਾ ਗਿਆ ਹੈ । ਅਜੇ ਕੱਲ੍ਹ ਹੀ ਮੁੱਖ ਮੰਤਰੀ ਅਤੇ ਗਿਆਨੀ ਹਰਪ੍ਰੀਤ ਸਿੰਘ ਦੀ ਟਵਿੱਟਰ ‘ਤੇ ਹੀ ਸ਼ਬਦੀ ਜੰਗ ਛਿੜੀ ਸੀ ।ਓਧਰ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ ਹੈ ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਰਕਾਰ ਨੂੰ ਅਲਟੀਮੇਟਮ ਦੇਣ ਵਾਲਾ ਟਵੀਟ ਬੈਨ ਹੋ ਗਿਆ ਹੈ। ਟਵਿੱਟਰ ਉਪਰ ਸੰਦੇਸ਼ ਆ ਰਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਇਹ ਟਵੀਟ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਭਾਰਤ ਵਿੱਚ ਰੋਕ ਦਿੱਤਾ ਗਿਆ ਹੈ। ਇਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਹਮਲਾ ਬੋਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਹੁਣ ਤਾਂ ਸਰਕਾਰਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਸ਼ਬਦ ਵੀ ਬੈਨ ਕਰਨ ਤੱਕ ਉੱਤਰ ਆਈਆਂ ਹਨ। ਮੇਰੀ ਭਗਵੰਤ ਮਾਨ ਨੂੰ ਚੇਤਵਾਨੀ ਹੈ ਕਿ ਗੁਰੂ ਘਰ ਨਾਲ ਮੱਥਾ ਨਾ ਲਾਓ। ਛੇਵੇਂ ਪਾਤਸ਼ਾਹ ਵੱਲੋਂ ਸਿਰਜੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਉੱਤੇ ਹਮਲੇ ਬੰਦ ਕਰੋ ਨਹੀਂ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਹਸ਼ਰ ਯਾਦ ਰੱਖਣਾ।

ਦੱਸ ਦਈਏ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੇ ਮਾਮਲੇ ’ਤੇ ਬੀਤੇ ਦਿਨ ਇਕੱਤਰਤਾ ਸੱਦੀ ਸੀ ਤੇ ਪੰਜਾਬ ਸਰਕਾਰ ਨੂੰ 24 ਘੰਟਿਆਂ ਅੰਦਰ ਸਾਰੇ ਨੌਜਵਾਨ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ। ਅਜਿਹਾ ਨਾ ਹੋਣ ’ਤੇ ਖ਼ਾਲਸਾ ਵਹੀਰ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਸੀ।

ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਲਟੀਮੇਟਮ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਥੇਦਾਰ ਪੰਜਾਬ ਦੇ ਹਸਦੇ-ਵਸਦੇ ਲੋਕਾਂ ਨੂੰ ਨਾ ਭੜਕਾਉਣ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਸਭ ਨੂੰ ਪਤਾ ਹੈ ਤੁਸੀਂ ਅਤੇ ਐੱਸਜੀਪੀਸੀ ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ, ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ, ਨਾ ਕਿ ਹਸਦੇ-ਵਸਦੇ ਲੋਕਾਂ ਨੂੰ ਭੜਕਾਉਣ ਲਈ।’

Exit mobile version