ਅੰਮ੍ਰਿਤਸਰ- ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਦਬਾਅ ਦੀ ਸਿਆਸਤ ਨੂੰ ਕੰਗੇ ਕਰਦਿਆਂ ਹੋਇਆ ਵੱਡਾ ਫੈਸਲਾ ਲਿਆ ਹੈ । ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 13 ਅਪਰੈਲ ਤੱਕ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਜਥੇਦਾਰ ਵੱਲੋਂ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ਮੌਕੇ ਸਰਬੱਤ ਖਾਲਸਾ ਸੱਦਣ ਦੀ ਸੰਭਾਵਨਾ ਲਗਭਗ ਖਤਮ ਹੋ ਗਈ ਹੈ।
ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ ਕਿ ਮੌਜੂਦਾ ਹਾਲਾਤਾਂ ਨੂੰ ਵਿਚਾਰਨ ਵਾਸਤੇ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਿਆ ਜਾਵੇ। ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ 12 ਤੋਂ 15 ਅਪਰੈਲ ਤਕ ਗੁਰਮਤਿ ਸਮਾਗਮ ਉਲੀਕੇ ਹਨ।
ਉਧਰ, ਦਲ ਖਾਲਸਾ ਵੀ ਸਰਬੱਤ ਖਾਲਸਾ ਬੁਲਾਉਣ ਦੇ ਹੱਕ ਵਿਚ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ 2015 ਵਾਲੀ ਫੁੱਟ ਖਤਮ ਨਹੀਂ ਹੋਈ ਹੈ।
ਜਥੇਦਾਰ ਨੇ ਕਿਹਾ ਕਿ ਅੰਮ੍ਰਿਤਪਾਲ ਮਾਮਲੇ ਵਿੱਚ ਜਿਹੜੇ ਪੱਤਰਕਾਰਾਂ ਤੇ ਚੈਨਲਾਂ ਨੇ ਨਿਰਦੋਸ਼ ਸਿੱਖਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਸੀ, ਪੰਜਾਬ ਸਰਕਾਰ ਨੇ ਉਨ੍ਹਾਂ ਦੀ ਆਵਾਜ਼ ਕਾਰਵਾਈ ਕਰਕੇ ਬੰਦ ਕਰ ਦਿੱਤੀ ਹੈ। ਇਸੇ ਲਈ ਹੁਣ 7 ਅਪਰੈਲ ਨੂੰ ਤਖ਼ਤ ਦਮਦਮਾ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਪੱਤਰਕਾਰ ਭਾਈਚਾਰੇ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।