ਡੈਸਕ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨ ਸਮਰਥਕ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ‘ਭਾਰਤ ਸਰਕਾਰ ਦੇ ਏਜੰਟਾਂ’ ਦੀ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਤਣਾਅ ਵਧ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਡਿਪਲੋਮੈਟ ਨੂੰ ਵੀ ਬਰਖ਼ਾਸਤ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰ ਕਿਹਾ ਕਿ ਕੈਨੇਡਾ ਦੀ ਧਰਤੀ ਤੋਂ ਬਹੁਤ ਹੀ ਸਨਸਨੀਖੇਜ ਖ਼ਬਰ ਸਾਹਮਣੇ ਆਈ ਹੈ, ਜਿਸ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਪਾਰਲੀਮੈਂਟ ਵਿਚ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇਲਾਜ਼ਮ ਸ਼ਰੇਆਮ ਭਾਰਤੀ ਏਜੰਸੀਆਂ ‘ਤੇ ਲਗਾਉਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਇਸ ਖ਼ਬਰ ਨੇ ਸਮੁੱਚੇ ਸੰਸਾਰ ਵਿਚ ਵੱਸਦੇ ਸਿੱਖਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਸਿੱਖਾਂ ਨੂੰ ਫੇਰ ਤੋਂ ਸਾਕਾ ਨਿਲਾਧਾਰਾ, 1984 ਸਿੱਖ ਨਸਲਕੁਸ਼ੀ ਤੇ ਪੰਜਾਬ ਵਿੱਚ ਸ਼ਰੇਆਮ ਸਿੱਖ ਨੌਜਵਾਨਾਂ ਦੇ ਹੋਏ ਕਤਲੇਆਮ ਦੀ ਯਾਦ ਆਈ ਹੈ। ਜੇਕਰ ਭਾਰਤ ਦੀਆਂ ਏਜੰਸੀਆਂ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸ਼ਾਮਲ ਹਨ ਤਾਂ ਬਹੁਤ ਹੀ ਮੰਦਭਾਗਾ ਹੈ।