Site icon TV Punjab | Punjabi News Channel

ਭਾਜਪਾ ਵਲੋਂ ਇੰਦਰ ਇਕਬਾਲ ਅਟਵਾਲ ਲੜਣਗੇ ਜਲੰਧਰ ਲੋਕ ਸਭਾ ਦੀ ਜ਼ਿਮਣੀ ਚੋਣ

ਜਲੰਧਰ- ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਟਿਕਟ ਦਿੱਤੀ ਹੈ। ਦੱਸ ਦਈਏ ਕਿ ਇੰਦਰ ਇਕਬਾਲ ਸਿੰਘ ਅਟਵਾਲ ਸ਼੍ਰੋਮਣੀ ਅਕਾਲੀ ਦਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਵਾਲਮੀਕਿ ਧਾਰਮਿਕ ਸਿੱਖ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਹ ਬੀਤੇ ਦਿਨੀਂ ਉਹ ਭਾਜਪਾ ‘ਚ ਸ਼ਾਮਲ ਹੋਏ ਸਨ। ਇੰਦਰ ਇਕਬਾਲ ਅਟਵਾਲ ਦੇ ਪਿਤਾ ਚਰਨਜੀਤ ਸਿੰਘ ਅਟਵਾਲ ਨੇ 2019 ਵਿਚ ਜਲੰਧਰ ਤੋਂ ਲੋਕ ਸਭਾ ਚੋਣ ਲੜੀ ਸੀ, ਜਦੋਂ ਉਹ ਕਾਂਗਰਸ ਦੇ ਚੌਧਰੀ ਸੰਤੋਖ ਸਿੰਘ ਤੋਂ 19,000 ਵੋਟਾਂ ਨਾਲ ਹਾਰ ਗਏ ਸਨ।

ਗੌਰਤਲਬ ਹੈ ਕਿ ਅਕਾਲੀ ਦਲ ਨੇ ਬੰਗਾ ਤੋਂ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਬਣਾਇਆ ਹੈ। ਜਲੰਧਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗੁਰਜੰਟ ਸਿੰਘ ਕੱਟੂ ਉਮੀਦਵਾਰ ਹੋਣਗੇ।

ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਕਾਂਗਰਸ ਵਿੱਚੋਂ ਕੱਢੇ ਗਏ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਹੈ।ਇਸ ਸਾਲ ਜਨਵਰੀ ‘ਚ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਖਾਲੀ ਹੋਈ ਸੀ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਜ਼ਿਮਨੀ ਚੋਣ ਹੋਣੀ ਹੈ। ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।

Exit mobile version