ਜਲੰਧਰ ਪੁਲਿਸ ਨੂੰ ਵੱਡੀ ਸਫਲਤਾ, 48 ਕਿਲੋ ਹੈਰੋਇਨ ਸਣੇ 3 ਕਾਬੂ

ਡੈਸਕ- ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਪੁਲਿਸ ਨੇ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੇ ਦੀ ਖੇਪ ਜ਼ਬਤ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦੇ ਹੋਏ 48 ਕਿਲੋਗ੍ਰਾਮ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਸਿੰਡੀਕੇਟ ਗਿਰੋਹ ਸਰਹੱਦ ਪਾਰ ਅਤੇ ਕੌਮਾਂਤਰੀ ਡਰੱਗ ਤਸਕਰੀ ਵਿਚ ਸਰਗਰਮ ਰੂਪ ਨਾਲ ਸ਼ਾਮਲ ਸੀ।

ਇਹ ਗਿਰੋਹ ਈਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਵਿੱਚ ਫੈਲਿਆ ਹੋਇਆ ਸੀ। ਇਸ ਦੇ ਨਾਲ ਹੀ ਇਸ ਦਾ 2 ਸੂਬੇ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਵੀ ਇੱਕ ਘਰੇਲੂ ਨੈੱਟਵਰਕ ਸੀ। ਦੱਸ ਦੇਈਏ ਕਿ ਨਸ਼ੇ ਦੀ ਖੇਪ ਤੋਂ ਇਲਾਵਾ ਇਨ੍ਹਾਂ ਕੋਲੋਂ ਪੁਲਿਸ ਨੇ 21 ਲੱਖ ਰੁਪਏ ਦੇ ਨਜਾਇਜ਼ ਫੰਡ, ਨੋਟ ਗਿਣਨ ਵਾਲੀ ਮਸ਼ੀਨ ਅਤੇ ਤਿੰਨ ਹਾਈ ਟੈਕ ਗੱਡੀਆਂ ਵੀ ਬਰਾਮਦ ਕੀਤੀਆਂ ਹਨ । ਇਸ ਸਬੰਧੀ ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।