Vancouver – ਅਫ਼ਗ਼ਾਨਿਸਤਾਨ ਦੇ ਮੌਜੂਦਾ ਹਾਲਾਤਾਂ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਤਾਜ਼ਾ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰੈਸ ਕਾਨਫਰੰਸ ‘ਚ ਬੋਲਦਿਆਂ ਕਿਹਾ ਹੈ ਕਿ ਤਾਲਿਬਾਨ ਨੂੰ ਅਫ਼ਗ਼ਾਨਿਸਤਾਨ ਦੀ ਸਰਕਾਰ ਦੇ ਤੌਰ ਤੇ ਕੈਨੇਡਾ ਵੱਲੋਂ ਮਾਨਤਾ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੀ ਸਰਕਾਰ ਦੀ ਇਸ ਤਰ੍ਹਾ ਦੀ ਕੋਈ ਯੋਜਨਾ ਨਹੀਂ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਨੇਡੀਅਨ ਕਾਨੂੰਨਾਂ ਦੇ ਮੁਤਾਬਿਕ ਤਾਲਿਬਾਨ ਇੱਕ ਅੱਤਵਾਦੀ ਸੰਗਠਨ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਅਫ਼ਗ਼ਾਨਿਸਤਾਨੀਆਂ ਨੂੰ ਬਾਹਰ ਕੱਢ ਕੇ ਲਿਆਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ 20,000 ਅਫ਼ਗ਼ਾਨਿਸਤਾਨੀਆਂ ਨੂੰ ਕੈਨੇਡਾ ਅੰਦਰ ਵਸਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਤਾਲਿਬਾਨ ਵੱਲੋਂ ਅਫ਼ਗ਼ਾਨਿਸਤਾਨ ਤੇ ਕੁਝ ਹੀ ਹਫ਼ਤਿਆਂ ਵਿਚ ਕਬਜ਼ਾ ਕਰ ਲਿਆ ਗਿਆ ਹੈ ਅਤੇ ਇਸ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਅਫ਼ਗਾਨਿਸਤਾਨ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਨ।