Kangana Ranaut Film Emergency: ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ (Kangana Ranaut) ਦੀ ਫਿਲਮ ‘ਐਮਰਜੈਂਸੀ’ ਦੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਅਤੇ ਸੈਂਸਰ ਬੋਰਡ ਤੋਂ ਫਿਲਮ ’ਤੇ ਪਾਬੰਦੀ ਲਾਉਣ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਵਿੱਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਪੇਸ਼ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ, ਇਸ ਲਈ ਸੈਂਸਰ ਬੋਰਡ ਨੂੰ ਤੁਰੰਤ ਫਿਲਮ ’ਤੇ ਪਾਬੰਦੀ ਲਗਾਉਣੀ ਚਾਹੀਦੀ ਹੈ।
ਇਕ ਪਾਸੇ ਜਿੱਥੇ ਮਨੁੱਖੀ ਅਧਿਕਾਰਾਂ ਦੇ ਵਕੀਲ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਪੰਜਾਬੀ ਫਿਲਮ ਨੂੰ 85 ਕੱਟਾਂ ਦੇ ਬਾਵਜੂਦ ਰਿਲੀਜ਼ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ ਹੈ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਦਾਕਾਰਾ ਕੰਗਨਾ ਰਣੌਤ ਖਿਲਾਫ ਧਾਰਾ 295ਏ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸਿੱਖ ਵਿਰੋਧੀ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਉਨ੍ਹਾਂ ਦੀ ਫਿਲਮ ‘ਐਮਰਜੈਂਸੀ’ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।
ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਬਦਨਾਮ ਕਰਨ ਵਾਲੀ ਅਜਿਹੀ ਫਿਲਮ ਦੇ ਰਿਲੀਜ਼ ਹੋਣ ਨਾਲ ਦੇਸ਼ ਦਾ ਮਾਹੌਲ ਖਰਾਬ ਹੋ ਸਕਦਾ ਹੈ, ਇਸ ਲਈ ਕੇਂਦਰ ਸਰਕਾਰ ਅਤੇ ਸੈਂਸਰ ਬੋਰਡ ਨੂੰ ਇਸ ਨੂੰ ਮਨਜ਼ੂਰੀ ਨਹੀਂ ਦੇਣੀ ਚਾਹੀਦੀ।