ਡੈਸਕ- ਦਿੱਲੀ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਤੋਂ ਪੱਛਮੀ ਬੰਗਾਲ ਲਈ ਰਵਾਨਾ ਹੋਣਗੇ। ਪੱਛਮੀ ਬੰਗਾਲ ‘ਚ ਭਗਵੰਤ ਮਾਨ ‘ਆਪ’ ਸੁਪਰੀਮੋ ਕੇਜਰੀਵਾਲ ਨਾਲ ਮਮਤਾ ਬੈਨਰਜੀ ਨੂੰ ਮਿਲਣਗੇ।
ਬੈਨਰਜੀ ਨਾਲ ਮੁਲਾਕਾਤ ਕਰਕੇ ਸੇਵਾਵਾਂ ‘ਤੇ ਕੰਟਰੋਲ ‘ਤੇ ਆਰਡੀਨੈਂਸ ਖਿਲਾਫ਼ ਸਮਰਥਨ ਮੰਗਣਗੇ। ਆਰਡੀਨੈਂਸ ਵਿਰੁੱਧ ਵਿਰੋਧੀ ਪਾਰਟੀਆਂ ਤੋਂ ਸਮਰਥਨ ਹਾਸਲ ਕਰਨ ਅਤੇ ਸੰਸਦ ਵਿੱਚ ਇਸ ਦੀ ਹਾਰ ਨੂੰ ਯਕੀਨੀ ਬਣਾਉਣ ਲਈ ਪਾਰਟੀ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਦੋਵਾਂ ਮੁੱਖ ਮੰਤਰੀਆਂ ਵਿਚਾਲੇ ਮੁਲਾਕਾਤ ਮੰਗਲਵਾਰ ਰਾਤ ਜਾਂ ਬੁੱਧਵਾਰ ਨੂੰ ਹੋਵੇਗੀ। ਪਾਰਟੀ ਦੇ ਸੂਤਰਾਂ ਮੁਤਾਬਕ ਕੋਲਕਾਤਾ ਤੋਂ ਸੀਐੱਮ ਮਾਨ ਮੁੰਬਈ ਜਾ ਕੇ ਐੱਨਸੀਪੀ ਦੇ ਪ੍ਰਮੁੱਖ ਆਗੂਆਂ ਨਾਲ ਮੁਲਾਕਾਤ ਕਰਨਗੇ।
24 ਅਤੇ 25 ਮਈ ਨੂੰ ਦੋਵੇਂ ਮੁੱਖ ਮੰਤਰੀ ਮੁੰਬਈ ਵਿੱਚ ਊਧਵ ਠਾਕਰੇ ਅਤੇ ਸ਼ਰਦ ਪਵਾਰ ਨਾਲ ਮੀਟਿੰਗ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਦੇ ਨਾਲ ਹੋਣਗੇ। 26 ਮਈ ਨੂੰ ਮੁੱਖ ਮੰਤਰੀ ਮਾਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ। ਮੁੱਖ ਮੰਤਰੀ ਮਾਨ ਨੇ ਕੁਝ ਮੁੱਦਿਆਂ ਨੂੰ ਲੈ ਕੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ, ਜੇ ਸਮਾਂ ਮਿਲਿਆ ਤਾਂ ਮੁੱਖ ਮੰਤਰੀ 26 ਮਈ ਨੂੰ ਅਮਿਤ ਸ਼ਾਹ ਨੂੰ ਮਿਲਣਗੇ।
27 ਮਈ ਨੂੰ ਮੁੱਖ ਮੰਤਰੀ ਮਾਨ ਦਿੱਲੀ ਵਿੱਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ 28 ਮਈ ਨੂੰ ਮੁੱਖ ਮੰਤਰੀ ਪਾਰਲੀਮੈਂਟ ਦੇ ਨਵੇਂ ਕੰਪਲੈਕਸ ਦੇ ਉਦਘਾਟਨ ਸਮਾਰੋਹ ਵਿੱਚ ਸ਼ਿਰਕਤ ਕਰਨਗੇ, ਇਸ ਉਦਘਾਟਨੀ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਉਸੇ ਸ਼ਾਮ ਚੰਡੀਗੜ੍ਹ ਲਈ ਰਵਾਨਾ ਹੋਣਗੇ। ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਜਾਰੀ ਆਰਡੀਨੈਂਸ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਭਾਰਤ ਦੀ ਰਾਜਧਾਨੀ ਹੈ, ਜੋ ਸਿੱਧੇ ਤੌਰ ‘ਤੇ ਰਾਸ਼ਟਰਪਤੀ ਦੇ ਅਧੀਨ ਹੈ। ਅਜਿਹੇ ‘ਚ ਅਧਿਕਾਰੀਆਂ ਦੇ ਫੇਰਬਦਲ ਦਾ ਅਧਿਕਾਰ ਰਾਸ਼ਟਰਪਤੀ ਕੋਲ ਹੋਵੇਗਾ। ਇਸ ਆਰਡੀਨੈਂਸ ਮੁਤਾਬਕ ਰਾਜਧਾਨੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਹੁਣ ਨੈਸ਼ਨਲ ਕੈਪੀਟਲ ਸਿਵਲ ਸਰਵਿਸਿਜ਼ ਅਥਾਰਟੀ (ਐਨਸੀਸੀਐਸਏ) ਦੁਆਰਾ ਕੀਤੀ ਜਾਵੇਗੀ।
ਇਸ ਆਰਡੀਨੈਂਸ ਵਿੱਚ ਕਿਹਾ ਗਿਆ ਹੈ ਕਿ ਇਸ NCCSA ਦੇ ਚੇਅਰਮੈਨ ਦਿੱਲੀ ਦੇ ਮੁੱਖ ਮੰਤਰੀ ਹੋਣਗੇ। ਪਰ ਮੁੱਖ ਸਕੱਤਰ ਅਤੇ ਗ੍ਰਹਿ ਸਕੱਤਰ ਇਸ ਦੇ ਮੈਂਬਰ ਹੋਣਗੇ। ਮੁੱਖ ਸਕੱਤਰ ਅਤੇ ਗ੍ਰਹਿ ਸਕੱਤਰ ਦੀ ਨਿਯੁਕਤੀ ਕੇਂਦਰ ਸਰਕਾਰ ਕਰੇਗੀ। ਅਧਿਕਾਰੀਆਂ ਦੀ ਨਿਯੁਕਤੀ ਦੇ ਸਬੰਧ ਵਿੱਚ ਐਨਸੀਸੀਐਸਏ ਉਪ ਰਾਜਪਾਲ ਨੂੰ ਮਨਜ਼ੂਰੀ ਦੇਵੇਗਾ ਅਤੇ ਜੇਕਰ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਵਿੱਚ ਕੋਈ ਵਿਵਾਦ ਹੁੰਦਾ ਹੈ, ਤਾਂ ਦਿੱਲੀ ਦੇ ਐਲਜੀ ਦਾ ਅੰਤਿਮ ਫੈਸਲਾ ਜਾਇਜ਼ ਹੋਵੇਗਾ।