Site icon TV Punjab | Punjabi News Channel

CM ਕੇਜਰੀਵਾਲ ਅੱਜ ਵੀ ED ਸਾਹਮਣੇ ਨਹੀਂ ਹੋਏ ਪੇਸ਼, ਸੰਮਨ ਨੂੰ ਦੱਸਿਆ ਗੈਰ-ਕਾਨੂੰਨੀ

ਡੈਸਕ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ‘ਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਹੋਣਾ ਸੀ, ਸਵਾਲ ਉਠਾਇਆ ਜਾ ਰਿਹਾ ਸੀ ਕਿ ਕੀ ਕੇਜਰੀਵਾਲ ਇਸ ਵਾਰ ਪੇਸ਼ ਹੋਣਗੇ, ਜਿਸ ਦਾ ਜਵਾਬ ਆਮ ਆਦਮੀ ਪਾਰਟੀ (ਆਪ) ਨੇ ਦਿੱਤਾ ਹੈ। ‘ਆਪ’ ਦਾ ਕਹਿਣਾ ਹੈ ਕਿ ਸੀਐਮ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਉਹਨਾਂ ਨੇ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਕੇਂਦਰੀ ਏਜੰਸੀ ਈਡੀ ਦੇ ਸੰਮਨ ਦੀ ਵੈਧਤਾ ਦਾ ਮਾਮਲਾ ਹੁਣ ਅਦਾਲਤ ਵਿੱਚ ਹੈ। ਉਹ ਖੁਦ ਅਦਾਲਤ ਗਈ ਹੈ। ਈਡੀ ਨੂੰ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਕੇਜਰੀਵਾਲ ਨੂੰ ਪਹਿਲਾ ਸੰਮਨ ਪਿਛਲੇ ਸਾਲ 2 ਨਵੰਬਰ ਨੂੰ ਭੇਜਿਆ ਗਿਆ ਸੀ, ਜਦੋਂ ਕਿ ਦੂਜਾ ਸੰਮਨ 21 ਦਸੰਬਰ ਨੂੰ, ਤੀਜਾ ਸੰਮਨ ਪਿਛਲੇ ਮਹੀਨੇ 3 ਜਨਵਰੀ ਨੂੰ ਭੇਜਿਆ ਗਿਆ ਸੀ। ਚੌਥਾ ਸੰਮਨ 17 ਜਨਵਰੀ ਨੂੰ ਅਤੇ ਪੰਜਵਾਂ ਸੰਮਨ 2 ਫਰਵਰੀ ਨੂੰ ਭੇਜਿਆ ਗਿਆ ਸੀ। 14 ਫਰਵਰੀ ਨੂੰ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਛੇਵਾਂ ਸੰਮਨ ਜਾਰੀ ਕਰਕੇ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ।

ਕੇਜਰੀਵਾਲ ਵਾਰ-ਵਾਰ ਮੋਦੀ ਸਰਕਾਰ ‘ਤੇ ਈਡੀ ਦੇ ਸੰਮਨਾਂ ਨੂੰ ਲੈ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਗਾ ਰਹੇ ਹਨ। ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਲਗਾਤਾਰ ਈਡੀ ਦੇ ਸੰਮਨਾਂ ਨੂੰ ਗੈਰ-ਕਾਨੂੰਨੀ ਦੱਸ ਰਹੀ ਹੈ। ਕੇਜਰੀਵਾਲ ਦੇ ਵਾਰ-ਵਾਰ ਪੇਸ਼ ਨਾ ਹੋਣ ‘ਤੇ ਈਡੀ ਨੇ ਵੀ ਅਦਾਲਤ ਤੱਕ ਪਹੁੰਚ ਕੀਤੀ ਸੀ। ਅਦਾਲਤ ਦੇ ਨੋਟਿਸ ਤੋਂ ਬਾਅਦ 17 ਫਰਵਰੀ ਨੂੰ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਹੋਏ, ਜਿਸ ‘ਚ ਉਨ੍ਹਾਂ ਨੇ ਬਜਟ ਸੈਸ਼ਨ ਦਾ ਹਵਾਲਾ ਦਿੰਦੇ ਹੋਏ ਸਰੀਰਕ ਤੌਰ ‘ਤੇ ਪੇਸ਼ ਹੋਣ ਲਈ ਕੁਝ ਸਮਾਂ ਮੰਗਿਆ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਤੈਅ ਕੀਤੀ ਹੈ। ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਪਹਿਲਾਂ ਹੀ ਜੇਲ੍ਹ ਵਿੱਚ ਹਨ।

Exit mobile version