ਡੈਸਕ- ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਵਿਚ ‘13-0 ਨਾਲ, ਜਿੱਤੇਗਾ ਪੰਜਾਬ’ ਦਾ ਨਾਅਰ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ।
ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਭਾਜਪਾ ਉਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਆਖਿਆ ਕਿ ਪੰਜਾਬ ‘ਚ ਸਾਡੀ ਸਰਕਾਰ ਡੇਗਣ ਦੀ ਕੋਸ਼ਿਸ਼ ਹੋ ਰਹੀ। ਹਰ ਰੋਜ਼ AAP ਵਿਧਾਇਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਪੰਜਾਬ ‘ਚ ਆਪ੍ਰੇਸ਼ਨ LOTUS ਦਾ ਇਲਜ਼ਾਮ ਲਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜਿਆ ਜਾਵੇਗਾ।
ਮਾਨ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਵਿਸ਼ੇਸ਼ ਕੈਂਪਸ ਲਾਂਚ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਅੱਜ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ ਕੀਤਾ ਗਿਆ ਹੈ। ਉਨ੍ਹਾਂ ਕੇਜਰੀਵਾਲ ਨੂੰ ਕ੍ਰਾਂਤੀਕਾਰੀ ਨੇਤਾ ਦੱਸਦਿਆ ਕਿਹਾ ਕਿ ਉਨ੍ਹਾਂ ਨੇ ਰਾਜਨੀਤੀ ਦੀ ਰੂਪਰੇਖਾ ਬਦਲੀ ਹੈ।
ਮੁੱਖ ਮੰਤਰੀ ਨੇ ਵਿਕਾਸਮੁਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰੱਜ ਕੇ ਪ੍ਰਸ਼ੰਸਾ ਕੀਤੀ। ਭਾਜਪਾ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਜਿੱਥੇ ਨਫ਼ਰਤ ਫੈਲਾਅ ਰਹੀ ਹੈ, ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਲੱਗੀ ਹੋਈ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ 90 ਫੀਸਦੀ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਬੇਰੁਜ਼ਗਾਰੀ ਖ਼ਤਮ ਕਰਨ ਲਈ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।