ਕੇਜਰੀਵਾਲ ਨੇ ਸਾਧਿਆ ਕਾਂਗਰਸ ਤੇ ਨਿਸ਼ਾਨਾ, ਕੱਲ੍ਹ ਕਰ ਸਕਦੇ ਨੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ਹਨ। ਕੇਜਰੀਵਾਲ ਦੀ ਫੇਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਮੋਹਾਲੀ ਪਹੁੰਚਦੇ ਹੀ ਸਪੱਸ਼ਟ ਕਰ ਦਿੱਤਾ ਕਿ ਵੀਰਵਾਰ ਨੂੰ ਇਕ ਅਹਿਮ ਐਲਾਨ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਤੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਸਕਦੇ ਹਨ। ਇਸ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਪੰਜਾਬ ਦੇ ਨਵ -ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਜੋ ਸਿਆਸੀ ਅਸਥਿਰਤਾ ਚੱਲ ਰਹੀ ਹੈ ਇਹ ਮੰਦਭਾਗਾ ਹੈ। ਇੱਥੇ ਸੱਤਾ ਲਈ ਇਕ ਗੰਦੀ ਲੜਾਈ ਚੱਲ ਰਹੀ ਹੈ, ਲੋਕਾਂ ਨੂੰ ਸਮਝ ਨਹੀਂ ਆ ਰਹੀ ਕਿ ਉਨ੍ਹਾਂ ਨੇ ਆਪਣੀਆਂ ਸਮੱਸਿਆਵਾਂ ਲੈ ਕੇ ਕਿੱਥੇ ਜਾਣਾ ਹੈ। ਇਨ੍ਹਾਂ ਲੋਕਾਂ ਨੇ ਸਰਕਾਰ ਨੂੰ ਤਮਾਸ਼ਾ ਬਣਾ ਦਿੱਤਾ ਹੈ।

ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਹੁਣ ਸਿਰਫ ਆਮ ਆਦਮੀ ਪਾਰਟੀ ਹੀ ਪੰਜਾਬ ਨੂੰ ਸਥਿਰ, ਚੰਗੀ ਅਤੇ ਇਮਾਨਦਾਰ ਸਰਕਾਰ ਦੇ ਸਕਦੀ ਹੈ। ਜਦੋਂ 4 ਮਹੀਨਿਆਂ ਬਾਅਦ ਚੋਣਾਂ ਹੋਣਗੀਆਂ, ਆਮ ਆਦਮੀ ਪਾਰਟੀ ਪੰਜਾਬ ਵਿਚ ਸਥਿਰ ਅਤੇ ਇਮਾਨਦਾਰ ਸਰਕਾਰ ਦੇਵੇਗੀ।

ਦਾਗੀ ਲੋਕਾਂ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ 

ਉਨ੍ਹਾਂ ਕਿਹਾ ਕਿ ਮੈਂ ਚਰਨਜੀਤ ਸਿੰਘ ਚੰਨੀ ਨੂੰ ਬੇਨਤੀ ਕਰਦਾ ਹਾਂ ਕਿ ਸਾਰੇ ਦਾਗੀ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਹਟਾ ਦਿੱਤਾ ਜਾਵੇ। ਉਨ੍ਹਾਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਚਰਨਜੀਤ ਸਿੰਘ ਚੰਨੀ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ।

ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਬਰਗਾੜੀ ਮਾਮਲੇ ਦੇ ਸਾਜ਼ਿਸ਼ਕਾਰਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਅਜਿਹਾ ਮੁੱਖ ਮੰਤਰੀ ਦੇਵਾਂਗੇ, ਜਿਸ ‘ਤੇ ਤੁਹਾਨੂੰ ਸਾਰਿਆਂ ਨੂੰ ਮਾਣ ਹੋਵੇਗਾ।

ਟੀਵੀ ਪੰਜਾਬ ਬਿਊਰੋ