ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਭਾਰਤ ਬੰਦ ਦਾ ਸਮਰਥਨ

ਚੰਡੀਗੜ੍ਹ : ਕੇਂਦਰੀ ਪੰਜਾਬੀ ਲੇਖਕ ਸਭਾ ਮੌਜੂਦਾ ਕਿਸਾਨ ਸੰਘਰਸ਼ ਦਾ ਮੁੱਢ ਤੋਂ ਹੀ ਸਮਰਥਨ ਕਰਦੀ ਆ ਰਹੀ ਹੈ। ਪੰਜਾਬੀ ਲੇਖਕਾਂ ਨੇ ਆਪਣੀਆਂ ਕਲਮਾਂ ਨਾਲ ਹੀ ਕਿਸਾਨ ਸੰਘਰਸ਼ ਦੀ ਹਮਾਇਤ ਨਹੀਂ ਕੀਤੀ, ਸਗੋਂ ਟੋਲ ਪਲਾਜ਼ਿਆਂ, ਅਡਾਨੀ ਅੰਬਾਨੀ ਦੇ ਮਾਲਜ਼, ਸਿੰਘੂ-ਟੀਕਰੀ ਅਤੇ ਗਾਜ਼ੀਪੁਰ ਬਾਰਡਰ ਉੱਪਰ ਪਹੁੰਚ ਕੇ ਲੇਖਕਾਂ ਨੇ ਆਪਣੀ ਭਰਵੀਂ ਹਾਜ਼ਰੀ ਲਵਾਈ ਹੈ।

ਕੇਂਦਰੀ ਪੰਜਾਬੀ ਲੇਖਕ ਸਭਾ ਪਿਛਲੇ ਸੱਤ ਦਹਾਕਿਆਂ ਤੋਂ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਪ੍ਰਚਾਰ, ਪ੍ਰਸਾਰ ਦੇ ਨਾਲ-ਨਾਲ ਸਮੇਂ-ਸਮੇਂ ਹੋਏ ਲੋਕ ਸੰਘਰਸ਼ਾਂ ਵਿਚ ਆਪਣੀ ਝੰਡਾਬਰਦਾਰ ਵਾਲੀ ਭੂਮਿਕਾ ਨਿਭਾਉਂਦੀ ਰਹੀ ਹੈ। ਦਿੱਲੀ ਦੀਆਂ ਬਰੂਹਾਂ ਉੱਪਰ ਵੱਖ-ਵੱਖ ਸੂਬਿਆਂ ਦੇ ਕਿਸਾਨ ਆਪਣੀਆਂ ਹੱਕੀ ਮੰਗਾਂ ਦੇ ਸਮਰਥਨ ਲਈ ਪਿਛਲੇ ਨੌਂ ਮਹੀਨਿਆਂ ਤੋਂ ਡਟੇ ਹੋਏ ਹਨ।

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਅਗਵਾਈ ਵਿਚ ਪੰਜਾਬੀ ਲੇਖਕ ਵੱਡੀ ਗਿਣਤੀ ਵਿਚ ਇਸ ਸੰਘਰਸ਼ ਵਿਚ ਸ਼ਾਮਲ ਹੋਏ ਹਨ। ਇਸ ਸ਼ਾਂਤਮਈ ਜਨ-ਅੰਦੋਲਨ ਵਿਚ ਪੰਜਾਬੀ ਲੇਖਕਾਂ ਨੇ ਦਿੱਲੀ ਬਾਰਡਰਾਂ, ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਸੰਘਰਸ਼ਸ਼ੀਲ ਮੋਰਚਿਆਂ ਵਿਚ ਭਰਵੀਂ ਸ਼ਮੂਲੀਅਤ ਕੀਤੀ ਹੈ।

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ, ਮੀਤ ਪ੍ਰਧਾਨ ਜੋਗਾ ਸਿੰਘ ਅਤੇ ਸਮੁੱਚੀ ਕਾਰਜਕਾਰਨੀ ਨੇ ਭਾਰਤ ਦੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸ਼ਾਂਤਮਈ ਢੰਗ ਨਾਲ ਆਪਣਾ ਯੋਗਦਾਨ ਪਾਉਣ।

ਟੀਵੀ ਪੰਜਾਬ ਬਿਊਰੋ