ਡੈਸਕ-ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ ਕਿਕੀ ਢਿੱਲੋਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਦਾ 5 ਦਿਨ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ। ਵਿਜੀਲੈਂਸ ਵੱਲੋਂ ਉਸ ਨੂੰ ਦੁਪਹਿਰ ਬਾਅਦ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸ ‘ਤੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ।
ਦੱਸ ਦੇਈਏ ਕਿ ਢਿੱਲੋਂ ਨੂੰ 16 ਮਈ ਮੰਗਲਵਾਰ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਉਸ ਨੂੰ ਪੁੱਛਗਿੱਛ ਲਈ ਫਿਰੋਜ਼ਪੁਰ ਸਥਿਤ ਐਸਐਸਪੀ ਵਿਜੀਲੈਂਸ ਦਫ਼ਤਰ ਬੁਲਾਇਆ ਗਿਆ। ਉਥੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ ਫਰੀਦਕੋਟ-ਕੋਟਕਪੂਰਾ ਮੁੱਖ ਮਾਰਗ ‘ਤੇ ਸਥਿਤ ਸਾਬਕਾ ਵਿਧਾਇਕ ਢਿੱਲੋਂ ਦੀ ਰਿਹਾਇਸ਼ ‘ਤੇ ਤਲਾਸ਼ੀ ਮੁਹਿੰਮ ਚਲਾਈ। ਵਿਜੀਲੈਂਸ ਦੀ ਪੜਤਾਲ ਮਗਰੋਂ ਢਿੱਲੋਂ ਤੋਂ ਇਲਾਵਾ ਗੁਰਸੇਵਕ ਸਿੰਘ ਵਾਸੀ ਪਿੰਡ ਧੰਨਾ, ਜ਼ਿਲ੍ਹਾ ਫ਼ਰੀਦਕੋਟ ਅਤੇ ਰਾਜਵਿੰਦਰ ਸਿੰਘ ਵਾਸੀ ਪਿੰਡ ਨਾਨਕਸਰ ਸ਼ਹੀਦ, ਜ਼ਿਲ੍ਹਾ ਫਿਰੋਜ਼ਪੁਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਵਿਜੀਲੈਂਸ ਵੱਲੋਂ ਢਿੱਲੋਂ ਨੂੰ ਮੈਜਿਸਟਰੇਟ ਦਮਨਦੀਪ ਕਮਲ ਹੀਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।