ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਗੋਆ ਦੀ ਸਾਬਕਾ ਗਵਰਨਰ ਕਿਰਨ ਬੇਦੀ

ਡੈਸਕ- ਦੇਸ਼ ਦੀ ਸਾਬਕਾ ਆਈਪੀਐੱਸ ਅਧਿਕਾਰੀ ਅਤੇ ਗੋਆ ਦੀ ਸਾਬਕਾ ਗਵਰਨਰ ਕਿਰਨ ਬੇਦੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ। ਉਨ੍ਹਾਂ ਕੁਝ ਦੇਰ ਗੁਰਬਾਣੀ ਦਾ ਕੀਰਤਨ ਸੁਣਿਆ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਆਪਣੀ ਕੁਝ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ।

ਆਮ ਆਦਮੀ ਪਾਰਟੀ ਤੋਂ ਆਪਣਾ ਸਿਆਸੀ ਕਰੀਅਰ ਸ਼ੁਰੂ ਕਰਨ ਵਾਲੇ ਕਿਰਨ ਬੇਦੀ ਆਪਣੇ ਬੇਬਾਕ ਅੰਦਾਜ਼ ਕਰਕੇ ਲੋਕਾਂ ਵਿੱਚ ਹਰਮਨ ਪਿਆਰੇ ਰਹੇ ਹਨ। ਕਿਰਨ ਬੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਿਸ ਫੋਰਸ ਕਿਉਂ ਜੁਆਇਨ ਕੀਤੀ ਗਈ ਸੀ? ਕਿਰਨ ਬੇਦੀ ਨੇ ਦੱਸਿਆ ਕਿ ਜਦੋਂ ਉਹ ਛੋਟੀ ਸੀ ਤਾਂ ਉਨ੍ਹਾਂ ਦੇ ਪਿਤਾ ਜੀ ਕੋਲ ਬਹੁਤ ਸਾਰੇ ਸ਼ਹਿਰ ਵਾਸੀ ਛੋਟੇ-ਛੋਟੇ ਕੰਮ ਕਰਵਾਉਣ ਵਾਸਤੇ ਆਉਂਦੇ ਸਨ। ਉਨ੍ਹਾਂ ਕਿਹਾ ਕਿ ਪਿਤਾ ਦੇ ਨਕਸ਼ੇ ਕਦਮਾਂ ਉੱਤੇ ਚੱਲ ਕੇ ਉਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੀ ਸੀ ਇਸ ਲਈ ਉਨ੍ਹਾਂ ਵੱਲੋਂ ਪੁਲਿਸ ਨੂੰ ਜੁਆਇੰਨ ਕੀਤਾ ਗਿਆ ਅਤੇ ਲੋਕਾਂ ਦੀ ਸੇਵਾ ਕੀਤੀ ਗਈ। ਉਨ੍ਹਾਂ ਨੂੰ ਭਾਰਤ ਦੀ ਪਹਿਲੀ ਆਈਪੀਐੱਸ ਅਫਸਰ ਹੋਣ ਦਾ ਮਾਣ ਹਾਸਿਲ ਹੈ।

ਕਿਰਨ ਬੇਦੀ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਹਾਲਾਤ ਹੁਣ ਪਹਿਲਾਂ ਵਰਗੇ ਨਹੀਂ ਰਹੇ ਅਤੇ ਇਸ ਨੂੰ ਲੈ ਕੇ ਕਾਫ਼ੀ ਚਿੰਤਾ ਵੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਸੁਧਾਰਨ ਲਈ ਆਮ ਆਦਮੀ ਪਾਰਟੀ ਨੂੰ ਬਹੁਤ ਜ਼ਿਆਦਾ ਮਿਹਨਤ ਕਰਨ ਦੀ ਲੋੜ ਹੈ।

ਦਰੋਪਦੀ ਮੁਰਮੂ ਜੋ ਕਿ ਦੇਸ਼ ਦੀ ਰਾਸ਼ਟਰਪਤੀ ਹਨ, ਉਨ੍ਹਾਂ ਨੂੰ ਰਾਸ਼ਟਰਪਤੀ ਬਣਾਏ ਜਾਣ ਨੂੰ ਲੈ ਕੇ ਕਿਰਨ ਬੇਦੀ ਨੇ ਕੇਂਦਰ ਸਰਕਾਰ ਦੀ ਸ਼ਲਾਘਾ ਕੀਤੀ। ਕਿਰਨ ਬੇਦੀ ਨੇ ਦੱਸਿਆ ਕਿ ਅਜਿਹਾ ਪਹਿਲੀ ਵਾਰ ਹੋਇਆ ਜਦੋਂ ਕਿਸੇ ਆਦਿਵਾਸੀ ਤਬਕੇ ਨਾਲ ਸਬੰਧਿਤ ਮਹਿਲਾ ਨੂੰ ਰਾਸ਼ਟਰਪਤੀ ਬਣਾ ਕੇ ਨਵਾਜ਼ਿਆ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਕਿਸੇ ਮੰਦਿਰ ਵਿੱਚ ਨਹੀਂ ਜਾਣ ਦਿੱਤਾ ਗਿਆ ਉਨ੍ਹਾਂ ਨੂੰ ਇਸ ਮਸਲੇ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ। ਰਾਹੁਲ ਗਾਂਧੀ ਨੂੰ ਮਿਲੀ ਸਜ਼ਾ ਦੇ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਬਾਰੇ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦੀ।