ਲਖੀਮਪੁਰ ਖੇੜੀ ਮਾਮਲਾ ਪਹੁੰਚਿਆ ਸੁਪਰੀਮ ਕੋਰਟ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਚ ਹੋਈ ਹਿੰਸਾ ਨੂੰ ਲੈ ਕੇ ਸਿਆਸਤ ਬਹੁਤ ਜਬਰਦਸਤ ਤਰੀਕੇ ਨਾਲ ਹੋ ਰਹੀ ਹੈ। ਕਾਂਗਰਸ ਸਰਕਾਰ ‘ਤੇ ਪੂਰੀ ਤਰ੍ਹਾਂ ਹਮਲਾਵਰ ਹੈ। ਇਸ ਸਭ ਦੇ ਵਿਚਕਾਰ ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ।

ਲਖੀਮਪੁਰ ਖੇੜੀ ਹਿੰਸਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਦੋ ਵਕੀਲਾਂ ਨੇ ਇਸ ਬਾਰੇ ਚੀਫ਼ ਜਸਟਿਸ ਐਨਵੀ ਰਮਨਾ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਸੀਬੀਆਈ ਦੁਆਰਾ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਘਟਨਾ ਦੀ ਨਿਆਂਇਕ ਜਾਂਚ ਕਰਵਾਉਣ ਦੀ ਅਪੀਲ ਕੀਤੀ ਗਈ ਹੈ।

ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਸਾਰੀ ਘਟਨਾ ਦੀ ਐਫਆਈਆਰ ਦਰਜ ਕੀਤੀ ਜਾਵੇ ਅਤੇ ਦੋਸ਼ੀ ਮੰਤਰੀ ਦੇ ਬੇਟੇ ਨੂੰ ਸਜ਼ਾ ਦਿੱਤੀ ਜਾਵੇ। ਇਸਦੇ ਨਾਲ ਹੀ ਇਸ ਮਾਮਲੇ ਵਿਚ ਦੋਸ਼ੀ ਅਧਿਕਾਰੀਆਂ ਅਤੇ ਘਟਨਾ ਵਿੱਚ ਸ਼ਾਮਲ ਮੰਤਰੀ ਅਤੇ ਉਸਦੇ ਰਿਸ਼ਤੇਦਾਰਾਂ ਦੇ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ।

ਦੂਜੇ ਪਾਸੇ ਲਖੀਮਪੁਰ ਹਿੰਸਾ ਨੂੰ ਲੈ ਕੇ ਕਾਂਗਰਸ ਹਮਲਾਵਰ ਹੋ ਗਈ ਹੈ। ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕੀਤਾ ਕਿ ਜੇਕਰ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਬੁੱਧਵਾਰ ਤੱਕ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੇੜੀ ਤੱਕ ਮਾਰਚ ਕਰੇਗੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੀ ਰਿਹਾਈ ਦੀ ਮੰਗ ਵੀ ਕੀਤੀ ਹੈ। ਲਖੀਮਪੁਰ ਹਿੰਸਾ ਨੂੰ ਲੈ ਕੇ ਵਿਰੋਧੀ ਏਕਤਾ ਵੀ ਦਿਖਾਈ ਦੇ ਰਹੀ ਹੈ।

ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਸੰਜੇ ਰਾਉਤ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਗ੍ਰਿਫਤਾਰ ਹੈ, ਇਸ ਲਈ ਰਾਹੁਲ ਗਾਂਧੀ ਨੂੰ ਮਿਲਣਾ ਜ਼ਰੂਰੀ ਹੈ। ਜੇ ਕਾਨੂੰਨ ਸਾਰਿਆਂ ਲਈ ਇਕੋ ਜਿਹਾ ਹੈ, ਤਾਂ ਪ੍ਰਿਯੰਕਾ ਗਾਂਧੀ ਜੇਲ੍ਹ ਵਿਚ ਕਿਉਂ ਹੈ ਅਤੇ ਮੰਤਰੀ ਆਜ਼ਾਦ ਘੁੰਮ ਰਹੇ ਹਨ?

ਟੀਵੀ ਪੰਜਾਬ ਬਿਊਰੋ