ਪੁਲਿਸ ਕਮਿਸ਼ਨਰ ਵੱਲੋਂ ਸਫ਼ਾਈ ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਜਲੰਧਰ : ਵਾਤਾਵਰਣ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਰੱਖਣ ਲਈ ਪੁਲਿਸ ਕਮਿਸ਼ਨਰ ਜਲੰਧਰ ਨੌਨਿਹਾਲ ਸਿੰਘ ਵੱਲੋਂ ਅੱਜ ਪੁਲਿਸ ਲਾਈਨ ਜਲੰਧਰ ਵਿਖੇ ਪੌਦੇ ਲਗਾਉਣ ਅਤੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਮੁਹਿੰਮ ਦਾ ਆਗਾਜ਼ ਕਰਦਿਆਂ ਪੁਲਿਸ ਕਮਿਸ਼ਨਰ ਵੱਲੋਂ ਖੁਦ ਕੁਝ ਪੌਦੇ ਲਗਾਏ ਗਏ। ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਹਫ਼ਤਾ ਭਰ ਚਲੇਗੀ, ਜਿਸ ਦੌਰਾਨ ਪੁਲਿਸ ਲਾਈਨ ਦੇ ਆਲੇ-ਦੁਆਲੇ ਸਫ਼ਾਈ ਆਦਿ ਕਰਨ ਤੋਂ ਇਲਾਵਾ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ।

ਉਨਾਂ ਕਿਹਾ ਕਿ ਤੰਦਰੁਸਤ ਅਤੇ ਖੁਸ਼ਹਾਲ ਸਮਾਜ ਲਈ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਬਹੁਤ ਜ਼ਰੂਰੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁਹਿੰਮ ਨੂੰ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚਲਾਉਣ ਲਈ ਨਿਜੀ ਤੌਰ ’ਤੇ ਇਸ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਵੱਧ ਤੋਂ ਵੱਧ ਪੌਦੇ ਲਗਾਉਣ ਤੋਂ ਇਲਾਵਾ ਸਾਫ਼-ਸਫਾਈ ਕਰਵਾਈ ਜਾਵੇ।

ਉਨਾਂ ਪੁਲਿਸ ਕਰਮੀਆਂ ਨੂੰ ਵੀ ਕਿਹਾ ਕਿ ਲਗਾਏ ਗਏ ਪੌਦਿਆਂ ਦੀ ਸਾਂਭ-ਸੰਭਾਲ ਵੀ ਕੀਤੀ ਜਾਵੇ। ਇਸ ਮੌਕੇ ਪੁਲਿਸ ਕਮਿਸ਼ਨਰ ਵੱਲੋਂ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਡਾ.ਸੀ.ਐਸ.ਪਰੂਥੀ ਅਤੇ ਉਦਯੋਗਪਤੀ ਅਮਰਦੀਪ ਸਿੰਘ ਨਾਲ ਪੁਲਿਸ ਲਾਈਨ ਵਿਖੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ।

ਉਨਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਗਰੂਕ ਕਰਨ ਲਈ ਸਾਨੂੰ ਸਭ ਨੂੰ ਕੁਦਰਤ ਪ੍ਰਤੀ ਉਸਾਰੂ ਸੋਚ ਅਪਣਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਇਹ ਮੁਹਿੰਮ ਹਫ਼ਤਾ ਭਰ ਚਲੇਗੀ ਅਤੇ ਇਸ ਦੌਰਾਨ ਪੁਲਿਸ ਲਾਈਨ ਨੂੰ ਨਵੀਂ ਦਿੱਖ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਟੀਵੀ ਪੰਜਾਬ ਬਿਊਰੋ