10 ਲੱਖ ਦੀ ਰਿਸ਼ਵਤ ਲੈਂਦੀ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈਓ ਨੂੰ ਵਿਜੀਲੈਂਸ ਨੇ ਕੀਤਾ ਕਾਬੂ

ਲੁਧਿਆਣਾ : ਆਮ ਆਦਮੀ ਪਾਰਟੀ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਰਵੱਈਆ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਵਿਜੀਲੈਂਸ ਵਿਭਾਗ ਦੀ ਟੀਮ ਨੇ ਜ਼ਿਲ੍ਹੇ ਵਿੱਚ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿੱਚ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਇੱਕ ਈਓ ਕੁਲਜੀਤ ਕੌਰ ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਹਾਲਾਂਕਿ ਅਜੇ ਤਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਵਿਜੀਲੈਂਸ ਦੀ ਟੀਮ ਈਓ ਕੁਲਜੀਤ ਕੌਰ ਨੂੰ ਆਪਣੇ ਨਾਲ ਲੈ ਗਈ ਹੈ। ਸ਼ਹਿਰ ਦੇ ਇੱਕ ਵਿਅਕਤੀ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਹੈਲਪਲਾਈਨ ‘ਤੇ ਇਸ ਦੀ ਸ਼ਿਕਾਇਤ ਕੀਤੀ ਸੀ।

ਦੱਸਣਯੋਗ ਹੈ ਕਿ ਪਿਛਲੇ 15 ਦਿਨਾਂ ਤੋਂ ਕੁਲਜੀਤ ਕੌਰ ਬਕਾਇਦਾ ਡਿਊਟੀ ‘ਤੇ ਨਹੀਂ ਆ ਰਹੀ ਸੀ ਅਤੇ ਅੱਜ ਸਵੇਰੇ ਹੀ ਬੈਠੀ ਸੀ ਕਿ ਵਿਜੀਲੈਂਸ ਨੇ ਉਸ ਨੂੰ ਕਾਬੂ ਕਰ ਲਿਆ। ਵੱਡੀ ਗੱਲ ਹੈ ਕਿ ਲੁਧਿਆਣਾ ਇੰਪਰੂਵਮੈਂਟ ਟਰੱਸਟ ‘ਚ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਦਾ ਘਪਲਾ ਕਰਨ ਦੇ ਦੋਸ਼ ਲੰਬੇ ਸਮੇਂ ਤੋਂ ਲੱਗ ਰਹੇ ਹਨ।

ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 45 ਸਰਕਾਰੀ ਅਧਿਕਾਰੀ, ਕਰਮਚਾਰੀ ਅਤੇ ਹੋਰ ਰਿਸ਼ਵਤ ਲੈਂਦੇ ਫੜੇ ਜਾ ਚੁੱਕੇ ਹਨ।