ਪ੍ਰਮੁੱਖ ਉਦਯੋਗਪਤੀਆਂ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਵਰਚੂਅਲ ਢੰਗ ਨਾਲ ਕੀਤੀ ਸ਼ਿਰਕਤ

ਜਲੰਧਰ : ਜਲੰਧਰ ਜ਼ਿਲ੍ਹੇ ਦੇ ਉੱਘੇ ਉਦਯੋਗਪਤੀਆਂ ਅਤੇ ਕਾਰੋਬਾਰੀ ਘਰਾਣਿਆਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ, ਜੋ ਕਿ ਐਸ.ਏ.ਐਸ.ਨਗਰ ਵਿੱਚ ਆਯੋਜਿਤ ਕੀਤਾ ਗਿਆ, ਵਿਚ ਵਰਚੂਅਲ ਢੰਗ ਨਾਲ ਸ਼ਿਰਕਤ ਕੀਤੀ ਗਈ।

ਜ਼ਿਕਰਯੋਗ ਹੈ ਕਿ ਇਸ ਸਮਾਗਮ ਦੀ ਲਾਈਵ ਸਟ੍ਰੀਮਿੰਗ ਦੀ ਵਿਸ਼ੇਸ਼ ਤੌਰ ‘ਤੇ ਵਿਵਸਥਾ ਕੀਤੀ ਗਈ ਸੀ। ਐਚ.ਐਮ.ਵੀ.ਕਾਲਜ ਵਿਖੇ ਸਨਅਤਕਾਰਾਂ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ, ਜਿਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਐਚ.ਐਮ.ਵੀ.ਕਾਲਜ ਦੇ ਪ੍ਰਿੰਸੀਪਲ ਡਾ. ਅਜੈ ਸਰੀਨ ਵੀ ਮੌਜੂਦ ਸਨ, ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਦੂਰਦਰਸ਼ੀ ਅਤੇ ਲੋਕਪੱਖੀ ਪਹਿਲਕਦਮੀਆਂ ਨੇ ਪੰਜਾਬ ਉਦਯੋਗਿਕ ਵਿਕਾਸ ਪੱਖੋਂ ਉੱਭਰਦਾ ਸੂਬਾ ਬਣਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਪੰਜਾਬ ਵਿਚ ਆਪਣੇ ਉਦਯੋਗ ਸ਼ੁਰੂ ਕਰਨ ਲਈ ਕਾਰੋਬਾਰੀਆਂ ਦੀ ਮੁਸ਼ਕਲ ਰਹਿਤ ਐਨ.ਓ.ਸੀ. ਰਾਹੀਂ ਮਦਦ ਲਈ ‘ਬਿਜ਼ਨਸ ਫਸਟ’ ਪੋਰਟਲ ਦੀ ਸ਼ੁਰੂਆਤ ਵੀ ਕੀਤੀ ਜਾ ਚੁੱਕੀ ਹੈ। ਸ੍ਰੀ ਥੋਰੀ ਨੇ ਕਿਹਾ ਕਿ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕਾਰੋਬਾਰ ਪੱਖੀ ਵਾਤਾਵਰਣ ਲਈ ਕੀਤੇ ਗਏ ਮਹੱਤਵਪੂਰਨ ਯਤਨਾਂ ਨੂੰ ਵੀ ਸਾਹਮਣੇ ਲਿਆਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਵਪਾਰ ਅਤੇ ਉਦਯੋਗ ਦੇ ਵਿਕਾਸ ਲਈ ਉਤਮ ਪਲੇਟਫਾਰਮ ਪ੍ਰਦਾਨ ਕਰਦਾ ਹੈ ਅਤੇ ਅਨੁਕੂਲ ਵਾਤਾਵਰਣ ਪ੍ਰਣਾਲੀ ਸੂਬੇ ਵਿਚ ਉਦਯੋਗਾਂ ਦੀ ਖੁਸ਼ਹਾਲੀ ਵਿੱਚ ਬਹੁਤ ਸਹਿਯੋਗ ਕਰਦੀ ਹੈ। ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਪਾਰੀ ਭਾਈਚਾਰੇ ਨੂੰ ਸੂਬੇ ਦੇ ਵਿਕਾਸ ਨੂੰ ਹੋਰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਨਿਵੇਸ਼ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਉਨ੍ਹਾਂ ਨਿਵੇਸ਼ਕਾਂ ਨੂੰ ਇੱਥੇ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ 24 ਘੰਟੇ ਸਹਾਇਤਾ ਦੇਣ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਇਸ ਦੌਰਾਨ ਉਦਯੋਗਪਤੀਆਂ ਨੇ ਪੰਜਾਬ ਦੇ ਵਪਾਰ ਅਤੇ ਉਦਯੋਗ ਨੂੰ ਉੱਚ ਵਿਕਾਸ ਦੀਆਂ ਲੀਹਾਂ ‘ਤੇ ਲਿਜਾਣ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਡਾਇਰੈਕਟਰ ਪੀ ਐਸ ਆਈ ਸੀ ਭੁਪਿੰਦਰ ਸਿੰਘ ਲਾਲੀ, ਉਦਯੋਗਪਤੀ ਨਰਿੰਦਰ ਸਿੰਘ ਸੱਗੂ, ਤਜਿੰਦਰ ਸਿੰਘ ਭਸੀਨ ਆਦਿ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ