ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

ਚੰਡੀਗੜ੍ਹ : ਕਾਂਗਰਸ ਦੀ ਪੰਜਾਬ ਇਕਾਈ ਵਿਚ ਚੱਲ ਰਹੀ ਖਿੱਚੋਤਾਣ ਕਾਰਨ ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸ਼ੁੱਕਰਵਾਰ ਰਾਤ ਇਹ ਐਲਾਨ ਕੀਤਾ ਸੀ।

ਰਾਵਤ ਨੇ ਟਵੀਟ ਕੀਤਾ, ‘ਕਈ ਕਾਂਗਰਸੀ ਵਿਧਾਇਕਾਂ ਨੇ ਏਆਈਸੀਸੀ ਨੂੰ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੁਰੰਤ ਬੁਲਾਉਣ ਦੀ ਬੇਨਤੀ ਕੀਤੀ ਹੈ। ਇਸੇ ਸਿਲਸਿਲੇ ਵਿਚ 18 ਸਤੰਬਰ ਨੂੰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਿਚ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਂਦੀ ਹੈ।’

ਨਵਜੋਤ ਸਿੱਧੂ ਨੇ ਟਵਿੱਟਰ ‘ਤੇ ਲਿਖਿਆ, ‘ਏਆਈਸੀਸੀ ਦੇ ਨਿਰਦੇਸ਼ਾਂ ’ਤੇ 18 ਸਤੰਬਰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰ ਵਿਖੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ‘ਤੇ ਬੋਲਦੇ ਹੋਏ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਦਾ ਕਹਿਣਾ ਹੈ ਕਿ ਪਾਰਟੀ ਦੀਆਂ ਕੁਝ ਅੰਦਰੂਨੀ ਨੀਤੀਆਂ ਹਨ ਅਤੇ ਇਸ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਬੁਲਾਈ ਗਈ ਹੈ।

ਪਰਗਟ ਸਿੰਘ ਦਾ ਕਹਿਣਾ ਹੈ ਕਿ ਹਰ ਕਿਸੇ ਦਾ ਵੱਖਰਾ ਨਜ਼ਰੀਆ ਹੁੰਦਾ ਹੈ ਅਤੇ ਇਸ ਨੂੰ ਵਿਧਾਇਕ ਦਲ ਦੀ ਮੀਟਿੰਗ ਵਿਚ ਸੁਣਿਆ ਜਾਣਾ ਚਾਹੀਦਾ ਹੈ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਅਜੈ ਮਾਕਨ ਅਤੇ ਹਰੀਸ਼ ਚੌਧਰੀ ਦੇ ਨਾਲ ਸ਼ਾਮਲ ਹੋਣਗੇ,ਜਿਨ੍ਹਾਂ ਨੂੰ ਪਾਰਟੀ ਦੀ ਅੰਤ੍ਰਿਮ ਮੁਖੀ ਸੋਨੀਆ ਗਾਂਧੀ ਦੁਆਰਾ ਨਿਗਰਾਨ ਨਿਯੁਕਤ ਕੀਤਾ ਗਿਆ ਹੈ।

ਸੀ.ਐਲ.ਪੀ. ਦੀ ਮੀਟਿੰਗ ਲਈ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ ਕਿ ਉਹ ਸੂਬਾ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਲਈ ਪੰਜਾਬ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਇਸ ਵਿਚ ਕੌਣ – ਕੌਣ ਹਿੱਸਾ ਲੈ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੈ ਕੋਈ ਗੜਬੜ ਨਹੀਂ ਹੈ, ਸਭ ਕੁਝ ਠੀਕ ਠਾਕ ਹੈ।

ਟੀਵੀ ਪੰਜਾਬ ਬਿਊਰੋ