ਵੱਡੇ ਸੁਧਾਰਾਂ ਨਾਲ ਸਿੱਖਿਆ ਅਤੇ ਖੇਡਾਂ ਦੇ ਖੇਤਰ ਨੂੰ ਹੋਰ ਵਧੀਆ ਬਣਾਇਆ ਜਾਵੇਗਾ : ਪਰਗਟ ਸਿੰਘ

ਜਲੰਧਰ : ਪੰਜਾਬ ਦੇ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ ਮਾਮਲੇ ਮੰਤਰੀ ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਅਤੇ ਖੇਡਾਂ ਦੇ ਦੋ ਅਹਿਮ ਖੇਤਰਾਂ ਨੂੰ ਮੌਜੂਦਾ ਲੋੜਾਂ ਅਨੁਸਾਰ ਹੋਰ ਮਜ਼ਬੂਤ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਇਨਾਂ ਦੋਵਾਂ ਖੇਤਰਾਂ ਵਿੱਚ ਕੌਮੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹ ਸਕਣ।

ਸਰਕਟ ਹਾਊਸ ਜਲੰਧਰ ਵਿਖੇ ਗਾਰਡ ਆਫ਼ ਆਨਰ ਤੋਂ ਬਾਅਦ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ. ਮਾਮਲੇ ਮੰਤਰੀ ਪੰਜਾਬ ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਉਹ ਇਨਾ ਦੋਵਾਂ ਖੇਤਰਾਂ ਨੂੰ ਹੋਰ ਵਧੀਆ ਬਣਾਉਣ ਲਈ ਪੂਰੀ ਕੋਸ਼ਿਸ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਖੇਡਾਂ ਦੇ ਖੇਤਰ ਇਕ ਦੂਜੇ ਨਾਲ ਜੁੜੇ ਹੋਏ ਹਨ ਜਿਸ ਰਾਹੀਂ ਨੌਜਵਾਨਾਂ ਦੇ ਹੁਨਰ ਅਤੇ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਗਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਲੋੜੀਂਦੇ ਸੁਧਾਰ ਵੀੇ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਜ਼ਿਕਰ ਕੀਤਾ ਕਿ ਆਉਣ ਵਾਲੇ ਦਿਨਾਂ ਦੌਰਾਨ ਪੇਂਡੂ ਖੇਤਰਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਜੋ ਕਿ ਨਸ਼ਿਆਂ ਖਿਲਾਫ਼ ਨਸ਼ਿਆਂ ਖਿਲਾਫ਼ ਅਹਿਮ ਭੂਮਿਕਾ ਨਿਭਾਏਗੀ,ਜਿਸ ਨਾਲ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਦੀ ਸ਼ੁਰੂਆਤ ਹੋਵੇਗੀ।

ਸੂਬੇ ਦੇ ਵਿਕਾਸ ਵਿੱਚ ਵਿਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀਆਂ ਦੀ ਭੂਮਿਕਾ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਸੂਬਾ ਸਰਕਾਰ ਦੀ ਇਸ ਪ੍ਰਸਤਾਵਿਤ ਮੁਹਿੰਮ ਵਿੱਚ ਹੱਥ ਮਿਲਾਉਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਇਆ ਜਾਵੇ। ਉਨ੍ਹਾਂ ਹੋਰ ਦੱਸਿਆ ਕਿ ਦੋਵਾਂ ਵਿਭਾਗਾਂ ਨੂੰ ਹੋਰ ਅਸਰਦਾਰ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਾਮ ਮਾਹਿਰਾਂ ਅਤੇ ਤਕਨੀਕੀ ਮਾਹਿਰਾਂ ਪਾਸੋਂ ਜਾਣਕਾਰੀ ਹਾਸਿਲ ਕਰਨ ਲਈ ਸਪੈਸ਼ਲ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ।

ਇਸ ਮੌਕੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਉਨਾਂ ਦੀ ਬਤੌਰ ਮੰਤਰੀ ਜਲੰਧਰ ਦੀ ਪਹਿਲੀ ਫੇਰੀ ਦੌਰਾਨ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਅਵਤਾਰ ਹੈਨਰੀ ਜੂਨੀਅਰ, ਰਾਜਿੰਦਰ ਬੇਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਐਸ.ਐਸ.ਪੀ. ਨਵੀਨ ਸਿੰਗਲਾ ਵਲੋਂ ਕੈਬਨਿਟ ਮੰਤਰੀ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ।

ਟੀਵੀ ਪੰਜਾਬ ਬਿਊਰੋ