Site icon TV Punjab | Punjabi News Channel

ਜਲੰਧਰ ‘ਚ ਕੋਵਿਡ-19 ਵੈਕਸੀਨ ਦੀਆਂ 20 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ

ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਯੋਗ ਲਾਭਪਾਤਰੀਆਂ ਨੂੰ 20 ਲੱਖ ਤੋਂ ਵੱਧ ਖੁਰਾਕਾਂ ਦੇ ਕੇ ਕੋਵਿਡ ਟੀਕਾਕਰਨ ਮੁਹਿੰਮ ਤਹਿਤ 90 ਫੀਸਦੀ ਤੋਂ ਵੱਧ ਆਬਾਦੀ ਨੂੰ ਕਵਰ ਕੀਤਾ ਜਾ ਚੁੱਕਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਿਹਤ ਸੰਭਾਲ ਅਤੇ ਫਰੰਟਲਾਈਨ ਕਰਮਚਾਰੀਆਂ ਦੇ ਸਾਂਝੇ ਯਤਨਾਂ ਸਦਕਾ ਜ਼ਿਲ੍ਹੇ ਵੱਲੋਂ ਇਹ ਪ੍ਰਾਪਤੀ ਹਾਸਲ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਹੁਣ ਤੱਕ 13,82,978 ਪਹਿਲੀ ਅਤੇ 6,17,582 ਦੂਜੀ ਖੁਰਾਕ ਸਮੇਤ ਕੁੱਲ 20,00,560 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜੋ ਕਿ 90 ਪ੍ਰਤੀਸ਼ਤ ਤੋਂ ਵੱਧ ਕਵਰੇਜ ਹੈ।

ਉਨ੍ਹਾਂ ਅੱਗੇ ਕਿਹਾ ਕਿ ਲਗਭਗ 36 ਫੀਸਦੀ ਆਬਾਦੀ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਦੇ ਕੇ ਮੁਕੰਮਲ ਟੀਕਾਕਰਨ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਆਪਣਾ ਟੀਕਾਕਰਨ ਮੁਕੰਮਲ ਕਰਨ ਲਈ ਦੂਜੀ ਖੁਰਾਕ ਪ੍ਰਾਪਤ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਇਸ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕੋਵਿਡ-19 ਮਹਾਂਮਾਰੀ ਦੇ ਘਾਤਕ ਪ੍ਰਭਾਵਾਂ ਨੂੰ ਘੱਟ ਕਰਨ ਲਈ ਵੱਧ ਤੋਂ ਵੱਧ ਆਬਾਦੀ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਵਿਚ ਪੇਸ਼ੇਵਰ ਵਚਨਬੱਧਤਾ ਲਈ ਅਧਿਕਾਰੀਆਂ/ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ।

ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਚੋਪੜਾ ਨੇ ਕਿਹਾ ਕਿ ਇਸ ਅਭਿਆਨ ਵਿੱਚ ਲੋਕਾਂ ਦੀ ਭਾਗੀਦਾਰੀ ਤੋਂ ਇਲਾਵਾ ਇਸ ਮੁਹਿੰਮ ਨਾਲ ਜੁੜੇ ਅਧਿਕਾਰੀਆਂ ਦੇ ਸੰਜੀਦਾ ਯਤਨਾਂ ਸਦਕਾ 20 ਲੱਖ ਦਾ ਅੰਕੜਾ ਪਾਰ ਕੀਤਾ ਜਾ ਸਕਿਆ ਹੈ।

ਟੀਵੀ ਪੰਜਾਬ ਬਿਊਰੋ

Exit mobile version