Site icon TV Punjab | Punjabi News Channel

ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਸਿਵਲ ਹਸਪਤਾਲ ਵਿਖੇ ਡੇਂਗੂ ਵਾਰਡ ਦਾ ਦੌਰਾ

ਜਲੰਧਰ : ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੱਲੋਂ ਡੇਂਗੂ ਦੇ ਕੇਸਾਂ ਸਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਸਿਵਲ ਹਸਪਤਾਲ ਵਿਖੇ ਡੇਂਗੂ ਵਾਰਡ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐਸ.ਐਮ.ਓ. ਡਾਕਟਰ ਗੁਰਮੀਤ ਲਾਲ, ਡਾ. ਕਾਮਰਾਜ, ਡਾ. ਭੁਪਿੰਦਰ ਅਤੇ ਡਾ. ਅਭਿਸ਼ੇਕ ਸੱਚਰ ਨਾਲ ਸਮੀਖਿਆ ਮੀਟਿੰਗ ਕਰਦਿਆਂ ਸਿਵਲ ਹਸਪਤਾਲ ਵਿਚ ਡੇਂਗੂ ਦੇ ਮਰੀਜ਼ਾਂ ਲਈ ਉਪਲਬਧ ਇਲਾਜ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਜ਼ਰੂਰੀ ਹਦਾਇਤਾਂ ਦਿੱਤੀਆਂ।

ਸ੍ਰੀ ਚੌਧਰੀ ਨੇ ਸਿਵਲ ਹਸਪਤਾਲ ਵਿਚ ਡੇਂਗੂ ਟੈਸਟ ਕਿੱਟਾਂ ਅਤੇ ਹੋਰ ਇਲਾਜ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਸਪਤਾਲ ਵਿਚ ਲੋੜੀਂਦੀ ਗਿਣਤੀ ਵਿਚ ਡੇਂਗੂ ਕਿੱਟਾਂ ਅਤੇ ਹੋਰ ਇਲਾਜ ਸਹੂਲਤਾਂ ਉਪਲਬਧ ਹਨ।

ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ‘ਤੇ ਵੀ ਤਸੱਲੀ ਪ੍ਰਗਟਾਈ। ਉਨ੍ਹਾਂ ਸਿਵਲ ਹਸਪਤਾਲ ਪ੍ਰਸ਼ਾਸਨ ਨੂੰ ਡੇਂਗੂ ਨੂੰ ਲੈ ਕੇ ਪੂਰੀ ਚੌਕਸੀ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਮਸ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਐਸ.ਐਮ.ਓ. ਡਾਕਟਰ ਗੁਰਮੀਤ ਲਾਲ ਨੇ ਦੱਸਿਆ ਕਿ ਡੇਂਗੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਓ.ਪੀ.ਡੀ. ਆਉਣ ਵਾਲੇ ਮਰੀਜ਼ਾਂ ਨੂੰ ਵੀ ਇਸ ਬੀਮਾਰੀ ਤੋਂ ਬਚਣ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਵੱਲੋਂ ਡੇਂਗੂ ਵਾਰਡ ਦਾ ਦੌਰਾ ਕਰਨ ਤੋਂ ਇਲਾਵਾ ਬਲੱਡ ਬੈਂਕ ਅਤੇ ਗਾਇਨੀ ਵਾਰਡ ਦਾ ਜਾਇਜ਼ਾ ਵੀ ਲਿਆ ਗਿਆ। ਸੰਸਦ ਮੈਂਬਰ ਵੱਲੋਂ ਇਸ ਮੌਕੇ ਸਿਵਲ ਹਸਪਤਾਲ ਵਿਖੇ ਧਰਨੇ ‘ਤੇ ਬੈਠੇ ਨਰਸਿੰਗ ਸਟਾਫ਼ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਦਿਆਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਜਲਦੀ ਕਰਵਾਉਣ ਦਾ ਭਰੋਸਾ ਦਿਵਾਇਆ।

ਟੀਵੀ ਪੰਜਾਬ ਬਿਊਰੋ

Exit mobile version