ਡੈਸਕ- ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਵੀਰਵਾਰ ਤੜਕੇ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿਤਾ। ਉਸ ਨੂੰ ਸਾਥੀਆਂ ਸਮੇਤ ਫਤਹਿਗੜ੍ਹ ਸਾਹਿਬ ਦੇ ਕਿਲ੍ਹਾ ਹਰਨਾਮ ਸਿੰਘ ਨਗਰ ਵਿੱਚ ਨਜ਼ਰਬੰਦ ਕਰ ਦਿਤਾ ਗਿਆ। ਉਨ੍ਹਾਂ ਦੀ ਰਿਹਾਇਸ਼ ਦੇ ਆਲੇ-ਦੁਆਲੇ ਪੁਲਿਸ ਬਲ ਤਾਇਨਾਤ ਕੀਤੀ ਗਈ ਅਤੇ ਇਲਾਕੇ ਨੂੰ ਛਾਉਣੀ ਵਿਚ ਬਦਲ ਦਿਤਾ ਗਿਆ ਸੀ। ਕਿਸੇ ਨੂੰ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ।
ਦਰਅਸਲ, ਬਲਾਗਰ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਸੰਸਦ ਮੈਂਬਰ ਮਾਨ ਨੇ ਅੱਜ ਧੂਰੀ ਵਿਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ। ਸੰਸਦ ਮੈਂਬਰ ਮਾਨ ਬੁੱਧਵਾਰ ਰਾਤ ਨੂੰ ਫਤਿਹਗੜ੍ਹ ਸਾਹਿਬ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਆਏ ਸਨ। ਇਸੇ ਦੌਰਾਨ ਅੱਜ ਉਨ੍ਹਾਂ ਨੂੰ ਆਪਣੇ ਘਰ ਵਿਚ ਨਜ਼ਰਬੰਦ ਕੀਤਾ ਗਿਆ।
ਇਸ ਨਜ਼ਰਬੰਦੀ ਦੇ ਵਿਰੋਧ ਵਿੱਚ ਸੰਸਦ ਮੈਂਬਰ ਦੇ ਨਿੱਜੀ ਸਕੱਤਰ ਇਕਬਾਲ ਸਿੰਘ ਨੇ ਕਿਹਾ ਕਿ ਇਹ ਲੋਕਤੰਤਰ ਦਾ ਕਤਲ ਹੈ। ਪੁਲਿਸ ਨੇ ਘੇਰਾਬੰਦੀ ਕਰਕੇ ਸਾਰਿਆਂ ਨੂੰ ਅੰਦਰ ਬੰਦ ਕਰ ਦਿੱਤਾ ਹੈ। ਸਰਕਾਰ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ, ਇਹ ਕਦੋਂ ਤੱਕ ਜਾਰੀ ਰਹੇਗਾ? ਇਕਬਾਲ ਅਨੁਸਾਰ ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਅਧਿਕਾਰੀਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿਤਾ ਗਿਆ ਹੈ।