ਡੈਸਕ- ਅੰਮ੍ਰਿਤਪਾਲ ਸਿੰਘ ਅਤੇ ਖਾਲਿਸਤਾਨੀ ਸਮਰਥਕਾਂ ਨੂੰ ਲੈ ਕੇ ਭਾਰਤ ਸਰਕਾਰ ਪੂਰੀ ਸਖਤੀ ਵਰਤ ਰਹੀ ਹੈ । ਪੰਜਾਬ ਸਰਕਾਰ ਦੇ ਨਾਲ ਤਾਲਮੇਲ ਕਰ ਕੇਂਦਰੀ ਏਜੰਸੀਆਂ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ‘ਤੇ ਕਰੜੀ ਨਜ਼ਰ ਰਖ ਰਹੀ ਹੈ । ਜਿੱਥੇ ਪਿਛਲੇ ਤਿੰਨ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ‘ਤੇ ਸ਼ਿਕੰਜਾ ਕਸਣ ਦਾ ਸਿਲਸਿਲਾ ਜਾਰੀ ਹੈ, ਉਥੇ ਹੀ ਉਨ੍ਹਾਂ ਦੇ ਸਮਰਥਕਾਂ ਦੇ ਸੋਸ਼ਲ ਮੀਡੀਆ ਅਕਾਊਂਟ ਵੀ ਲਗਾਤਾਰ ਬੈਨ ਕੀਤੇ ਜਾ ਰਹੇ ਹਨ। ਇਸ ਕਾਰਵਾਈ ਦੇ ਵਿਚਕਾਰ ਭਾਰਤ ਸਰਕਾਰ ਨੇ ਹੁਣ ਇੱਕ ਸੰਸਦ ਮੈਂਬਰ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਹੈ।
ਕੇਂਦਰ ਸਰਕਾਰ ਨੇ ਇਹ ਕਾਰਵਾਈ ਅੰਮ੍ਰਿਤਪਾਲ ਸਿੰਘ ਅਤੇ ਖਾਲਿਸਤਾਨ ਸਮਰਥਕ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਖਿਲਾਫ ਕੀਤੀ ਹੈ। ਕੇਂਦਰ ਸਰਕਾਰ ਨੇ ਹੁਣ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਸਸਪੈਂਡ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪਾਰਟੀ (ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ) ਦਾ ਖਾਤਾ ਵੀ ਚੱਲ ਰਿਹਾ ਹੈ। ਖਾਸ ਗੱਲ ਇਹ ਹੈ ਕਿ ਖਾਲਿਸਤਾਨ ਸਮਰਥਕ ਸਿਮਰਨਜੀਤ ਸਿੰਘ ਸ਼ੁਰੂ ਤੋਂ ਹੀ ਅੰਮ੍ਰਿਤਪਾਲ ਸਿੰਘ ਦਾ ਖੁੱਲ੍ਹ ਕੇ ਸਮਰਥਨ ਕਰਦਾ ਆ ਰਿਹਾ ਹੈ।