ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੂਬੇ ਵਿਚ ਪ੍ਰਦਰਸ਼ਨਾਂ ਕਾਰਨ ਲੋਕਾਂ ਨੂੰ ਦਰਪੇਸ਼ ਦੁੱਖ ਅਤੇ ਪੀੜਾ ਨੂੰ ਸਮਝਣ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ ਨੂੰ ਸਿਆਸੀ ਰੰਗਤ ਦੇ ਦਿੱਤੀ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਸਰਾਸਰ ਬੇਲੋੜੇ ਹਨ ਕਿਉਂ ਜੋ ਉਨ੍ਹਾਂ ਦੀ ਸਰਕਾਰ ਤਾਂ ਕਿਸਾਨਾਂ ਨੂੰ ਪਹਿਲਾਂ ਹੀ ਨਿਰੰਤਰ ਸਮਰਥਨ ਦਿੰਦੀ ਆ ਰਹੀ ਹੈ। ਇਸ ਮਾਮਲੇ ਉਤੇ ਬੀਤੇ ਦਿਨ ਉਨ੍ਹਾਂ ਵੱਲੋਂ ਪ੍ਰਗਟ ਕੀਤੇ ਵਿਚਾਰਾਂ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਲੋਚਨਾ ਕੀਤੇ ਜਾਣ ਉਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਸ ਮਾਮਲੇ ਉਤੇ ਉਨ੍ਹਾਂ ਦੀ ਸਰਕਾਰ ਦੀ ਸਪੱਸ਼ਟ ਹਮਾਇਤ ਦੇ ਬਾਵਜੂਦ ਕਿਸਾਨਾਂ ਨੇ ਉਨ੍ਹਾਂ ਦੀ ਅਪੀਲ ਦੇ ਗਲਤ ਅਰਥ ਕੱਢੇ ਹਨ, ਸਗੋਂ ਇਸ ਨੂੰ ਪੰਜਾਬ ਵਿਚ ਅਗਾਮੀ ਵਿਧਾਨ ਚੋਣਾਂ ਨਾਲ ਜੋੜਣ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਉਨ੍ਹਾਂ ਦੀ ਸਰਕਾਰ ਅਤੇ ਪੰਜਾਬ ਦੇ ਲੋਕ ਹਮੇਸ਼ਾ ਹੀ ਕਿਸਾਨਾਂ ਨਾਲ ਡਟ ਕੇ ਖੜ੍ਹੇ ਹਨ ਅਤੇ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਇਹ ਲੋਕ ਹੁਣ ਸੂਬਾ ਭਰ ਵਿਚ ਕਿਸਾਨ ਭਾਈਚਾਰੇ ਦੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦੇ ਕਾਰਨ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿਚ ਪਾੜਾ ਪਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਹ ਸਾਰੇ ਕਿਸਾਨ ਕੇਂਦਰ ਅਤੇ ਗੁਆਂਢੀ ਸੂਬੇ ਵਿਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰ ਦੇ ਮਾੜੇ ਵਤੀਰੇ ਤੋਂ ਇਕੋ ਜਿਹੇ ਪੀੜਤ ਹਨ। ਉਨ੍ਹਾਂ ਕਿਹਾ, “ਇਸ ਦੇ ਉਲਟ ਮੇਰੀ ਸਰਕਾਰ ਨਾ ਸਿਰਫ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਨਾਲ ਚਟਾਨ ਵਾਂਗ ਖੜ੍ਹੀ ਸਗੋਂ ਇਨ੍ਹਾਂ ਕਾਨੂੰਨਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਵਿਧਾਨ ਸਭਾ ਵਿਚ ਸੋਧ ਬਿੱਲ ਵੀ ਲਿਆਂਦੇ ਗਏ।” ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਇਨ੍ਹਾਂ ਬਿੱਲਾਂ ਨੂੰ ਰਾਜਪਾਲ ਨੇ ਰਾਸ਼ਟਪਤੀ ਦੀ ਸਹਿਮਤੀ ਲਈ ਨਹੀਂ ਭੇਜਿਆ।
ਟੀਵੀ ਪੰਜਾਬ ਬਿਊਰੋ