Site icon TV Punjab | Punjabi News Channel

ਨਵਜੋਤ ਸਿੰਘ ਸਿੱਧੂ ਦੀ ਅੱਜ ਲੁਧਿਆਣਾ ਅਦਾਲਤ ‘ਚ ਪੇਸ਼ੀ

ਲੁਧਿਆਣਾ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋ ਰਹੇ ਹਨ। ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਉਨ੍ਹਾਂ ਨੂੰ 21 ਅਕਤੂਬਰ ਨੂੰ ਗਵਾਹ ਵਜੋਂ ਤਲਬ ਕੀਤਾ ਹੈ।ਪਟਿਆਲਾ ਜੇਲ੍ਹ ‘ਚ ਬੰਦ ਨਵਜੋਤ ਸਿੰਘ ਸਿੱਧੂ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਹ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਬਰਖਾਸਤ ਪੁਲਿਸ DSP ਬਲਵਿੰਦਰ ਸਿੰਘ ਸੇਖੋਂ ਵੱਲੋਂ ਦਾਇਰ ਕੇਸ ਵਿਚ ਗਵਾਹ ਵਜੋਂ ਅਦਾਲਤ ਵਿੱਚ ਪੇਸ਼ ਹੋਣਗੇ।

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਲੋਕਲ ਬਾਡੀ ਮੰਤਰੀ ਹੁੰਦੇ ਹੋਏ ਉਸ ਸਮੇਂ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ। ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣ ਲਈ ਸੁਰੱਖਿਆ ਚਿੰਤਾਵਾਂ ਜ਼ਾਹਰ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਰੋਡ ਰੇਜ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਿੱਧੂ ਪਟਿਆਲਾ ਸੈਂਟਰਲ ਜੇਲ ‘ਚ ਬੰਦ ਹੈ।

ਕਰੀਬ ਚਾਰ ਸਾਲ ਪਹਿਲਾਂ ਇੱਕ ਆਰਟੀਆਈ ਕਾਰਕੁਨ ਕੁਲਦੀਪ ਖਹਿਰਾ ਨੇ ਇੱਕ ਗਰੁੱਪ ਹਾਊਸਿੰਗ ਪ੍ਰੋਜੈਕਟ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਇਆ ਸੀ ਅਤੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ। ਉਸ ਸਮੇਂ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ਦੀ ਜਾਂਚ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਨੂੰ ਸੌਂਪੀ ਸੀ। ਸੇਖੋਂ ਨੇ ਵੀ ਆਪਣੀ ਰਿਪੋਰਟ ਵਿਭਾਗ ਨੂੰ ਸੌਂਪ ਦਿੱਤੀ ਸੀ। ਇਸ ਦੌਰਾਨ ਸੇਖੋਂ ਦੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹਿਸ ਹੋਈ। ਇਸ ਤੋਂ ਬਾਅਦ ਸੇਖੋਂ ਨੇ ਅਦਾਲਤ ਵਿੱਚ ਸਰਕਾਰੀ ਮੁਲਾਜ਼ਮ ਨੂੰ ਧਮਕੀਆਂ ਦੇਣ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਾਇਰ ਕੀਤਾ ਸੀ।

Exit mobile version