Site icon TV Punjab | Punjabi News Channel

ਸਿਆਸੀ ਡਿਬੇਟ ਮੁੱਦੇ ‘ਤੇ ਸਿੱਧੂ ਨੇ ਘੇਰਿਆ ਸੀ.ਐੱਮ ਮਾਨ, ਕਿਹਾ ‘ਭਗੌੜਾ’

ਡੈਸਕ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਮੁੱਦਿਆਂ ‘ਤੇ ਵਿਰੋਧੀ ਪਾਰਟੀਆਂ ਨੂੰ ‘ਪੰਜਾਬ ਦਿਵਸ’ ਯਾਨੀ 1 ਨਵੰਬਰ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ ਵਿੱਚ ਐਂਟਰੀ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਸੂਬੇ ਦੀ ਆਰਥਿਕ ਸਥਿਤੀ ਬਾਰੇ ਲਿਖੇ ਪੱਤਰ ਅਤੇ ਪੁੱਛੇ ਗਏ ਸਵਾਲਾਂ ਬਾਰੇ ਟਵੀਟ ਕੀਤਾ ਹੈ।

ਰਾਜਪਾਲ ਦੇ ਪੱਤਰ ਨੂੰ ਟਵੀਟ ਕਰਦੇ ਹੋਏ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਹੈ ਕਿ ਕੀ ਤੁਸੀਂ ਸੂਬੇ ਨੂੰ ਵਿੱਤੀ ਐਮਰਜੈਂਸੀ ਵਰਗੀ ਸਥਿਤੀ ਵੱਲ ਲਿਜਾਣ ਦੇ ਮੁੱਦੇ ‘ਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਬਹਿਸ ਕਰਨ ਦੀ ਹਿੰਮਤ ਰੱਖਦੇ ਹੋ?

ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਨੂੰ ਭਗੌੜਾ ਮੁੱਖ ਮੰਤਰੀ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੇਤ, ਸ਼ਰਾਬ ਅਤੇ ਕੇਬਲ ਵਰਗੇ ਮਾਫੀਆ ਨੂੰ ਸੁਰੱਖਿਆ ਕੌਣ ਦੇ ਰਿਹਾ ਹੈ। ਸੂਬੇ ਦੇ ਮਾਲੀਏ ਨੂੰ ਮਾਫੀਆ ਵੱਲੋਂ ਲੁੱਟਿਆ ਜਾ ਰਿਹਾ ਹੈ ਅਤੇ ਸਰਕਾਰ ਆਮ ਜਨਤਾ ‘ਤੇ ਲਗਾਏ ਟੈਕਸਾਂ ਅਤੇ ਉਧਾਰ ਪੈਸੇ ‘ਤੇ ਚੱਲ ਰਹੀ ਹੈ। ਸਿੱਧੂ ਨੇ ਦੱਸਿਆ ਕਿ ਪੰਜਾਬ ਸਿਰ ਕਰੀਬ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਰਾਜਪਾਲ ਵੱਲੋਂ ਲਿਖੀ ਚਿੱਠੀ ਤੋਂ ਤੁਹਾਡਾ ਸਾਰਾ ਝੂਠ ਸਾਹਮਣੇ ਆ ਗਿਆ ਹੈ।

ਜ਼ਿਕਰਯੋਗ ਹੈ ਕਿ 1 ਨਵੰਬਰ ਯਾਨੀ ਪੰਜਾਬ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਐਸਵਾਈਐਲ ਅਤੇ ਪੰਜਾਬ ਨਾਲ ਸਬੰਧਤ ਹੋਰ ਕਈ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਵਿੱਚ ਹਿੱਸਾ ਲੈਣ ਦੀ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਵਿਰੋਧੀ ਧਿਰ ਦੇ ਕਈ ਨੇਤਾ ਮੁੱਖ ਮੰਤਰੀ ਦੀ ਚੁਣੌਤੀ ‘ਤੇ ਸਵਾਲ ਖੜ੍ਹੇ ਕਰ ਚੁੱਕੇ ਹਨ ਅਤੇ ਹੁਣ ਨਵਜੋਤ ਸਿੰਘ ਸਿੱਧੂ ਵੀ ਇਸ ਵਿਵਾਦ ‘ਚ ਘਿਰ ਗਏ ਹਨ।

ਮੰਗਲਵਾਰ ਨੂੰ ਹੀ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬ ਦੀ ਆਰਥਿਕ ਸਥਿਤੀ ਨੂੰ ਲੈ ਕੇ ਕਈ ਸਵਾਲ ਪੁੱਛੇ ਸਨ। ਹੁਣ ਇਸ ਚਿੱਠੀ ਦੀ ਮਦਦ ਨਾਲ ਨਵਜੋਤ ਸਿੰਘ ਸਿੱਧੂ ਨੇ ਟਵਿੱਟਰ ਰਾਹੀਂ ਪੰਜਾਬ ਦੇ ਸੀਐਮ ਭਗਵੰਤ ਮਾਨ ‘ਤੇ ਸਿਆਸੀ ਹਮਲਾ ਕੀਤਾ ਹੈ।

Exit mobile version