Site icon TV Punjab | Punjabi News Channel

ਅਕਾਲੀ ਦਲ ਦਾ ਨਵਾਂ ਸਿਆਸੀ ਪੈਂਤੜਾ : ਖੇਤਰੀ ਪਾਰਟੀਆਂ ਨੂੰ ਇਕਜੁੱਟ ਕਰਨ ਲਈ ਡਟਿਆ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨਾਲੋਂ ਵੱਖ ਹੋਣ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਹੁਣ ਖੇਤਰੀ ਪਾਰਟੀਆਂ ਨੂੰ ਇਕਜੁੱਟ ਕਰਨ ਲਈ ਮੈਦਾਨ ਵਿੱਚ ਡਟ ਗਿਆ ਹੈ। ਮੀਡੀਆ ਨੂੰ ਇਸ ਗੱਲ ਦੀ ਜਾਣਕਾਰੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਤੀ। ਜਾਣਕਾਰੀ ਮੁਤਾਬਕ ਪਾਰਟੀ ਨੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਆਦਿ ਨੂੰ ਦੇਸ਼ ਦੀਆਂ ਸਾਰੀਆਂ ਖੇਤਰੀ ਪਾਰਟੀਆਂ ਨੂੰ ਇਕ ਮੰਚ ‘ਤੇ ਲਿਆਉਣ ਦਾ ਕੰਮ ਸੌਂਪਿਆ ਹੈ।

ਇਸ ਕਾਰਜ ਨੂੰ ਅੰਜਾਮ ਦਿੰਦਿਆਂ ਕਮੇਟੀ ਨੇ ਹੁਣ ਤੱਕ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ, ਐਨਸੀਪੀ ਦੇ ਸ਼ਰਦ ਪਵਾਰ, ਡੀਐਮਕੇ ਮੁਖੀ ਐਮ ਕੇ ਸਟਾਲਿਨ, ਟੀਡੀਪੀ ਦੇ ਚੰਦਰਬਾਬੂ ਨਾਇਡੂ ਅਤੇ ਸ਼ਿਵ ਸੈਨਾ ਮੁਖੀ ਉਧਵ ਠਾਕਰੇ ਨਾਲ ਮੁਲਾਕਾਤ ਕੀਤੀ ਹੈ। ਪਾਰਟੀ ਜਲਦ ਹੀ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹਰਿਆਣਾ ਵਿਚ ਇਨੈਲੋ ਆਗੂ ਓਮ ਪ੍ਰਕਾਸ਼ ਚੌਟਾਲਾ ਨਾਲ ਵੀ ਸੰਪਰਕ ਕਰੇਗੀ। ਚੌਟਾਲਾ ਪਰਿਵਾਰ ਨਾਲ ਬਾਦਲ ਪਰਿਵਾਰ ਦਾ ਪੁਰਾਣਾ ਰਿਸ਼ਤਾ ਹੈ।

ਭਾਜਪਾ ਨਾਲੋਂ ਨਾਤਾ ਤੋੜਨ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗੱਠਜੋੜ ਕੀਤਾ ਹੈ। ਇਸ ਤੋਂ ਇਲਾਵਾ ਪਾਰਟੀ ਇਥੇ ਖੱਬੀਆਂ ਪਾਰਟੀਆਂ ਨੂੰ ਵੀ ਨਾਲ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸੁਖਬੀਰ ਬਾਦਲ ਰਾਸ਼ਟਰੀ ਪੱਧਰ ‘ਤੇ ਵੱਡਾ ਗੱਠਜੋੜ ਬਣਾਉਣਾ ਚਾਹੁੰਦੇ ਹਨ, ਜੋ ਕਿ 2024 ਵਿਚ ਭਾਜਪਾ ਨੂੰ ਸਖਤ ਟੱਕਰ ਦੇ ਸਕਦਾ ਹੈ।

ਖੇਤਰੀ ਪਾਰਟੀਆਂ ਨੂੰ ਕਿਉਂ ਇਕਜੁੱਟ ਕਰ ਰਿਹਾ ਹੈ ਅਕਾਲੀ ਦਲ ?

ਖੇਤਰੀ ਪਾਰਟੀਆਂ ਨੂੰ ਇਕੱਠੇ ਕਰਨ ਸਬੰਧੀ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਹੁਣ ਭਾਜਪਾ ਨਾਲ ਮੁਕਾਬਲਾ ਨਹੀਂ ਕਰ ਸਕਦੀ, ਇਸ ਲਈ ਖੇਤਰੀ ਪਾਰਟੀਆਂ ਦਾ ਫਰੰਟ ਆਪਣੀ ਜਗ੍ਹਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਘੀ ਢਾਂਚੇ ਨੂੰ ਮੁੜ ਪਰਿਭਾਸ਼ਤ ਕਰਨ ਦੀ ਲੋੜ ਹੈ। ਕੇਂਦਰ ਸਰਕਾਰ ਹੌਲੀ ਹੌਲੀ ਰਾਜਾਂ ਦੇ ਅਧਿਕਾਰ ਖੋਹ ਰਹੀ ਹੈ, ਇਸ ਲਈ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਸਾਰੀਆਂ ਖੇਤਰੀ ਪਾਰਟੀਆਂ ਮਿਲ ਕੇ ਇਕ ਵੱਡਾ ਮੋਰਚਾ ਬਣਾਉਣ, ਜੋ ਇਸ ਨੂੰ 2024 ਵਿਚ ਆਪਣੀ ਸਰਕਾਰ ਬਣਾ ਕੇ ਠੀਕ ਕਰੇਗੀ।

ਟੀਵੀ ਪੰਜਾਬ ਬਿਊਰੋ

Exit mobile version