ਨੈਤਿਕਤਾ ਦੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਸਿੱਧੂ

ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿਚ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਵੀਡੀਓ ਸੰਦੇਸ਼ ਵਿਚ ਕਿਹਾ ਹੈ ਕਿ ਉਹ ਹੱਕ – ਸੱਚ ਦੀ ਲੜਾਈ ਲੜਦੇ ਰਹਿਣਗੇ।

ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਨਿੱਜੀ ਨਹੀਂ ਮੁੱਦਿਆਂ ਦੀ ਲੜਾਈ ਲੜੀ ਹੈ ਅਤੇ ਨੈਤਿਕਤਾ ਦੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਦਾਗ਼ੀ ਲੀਡਰਾਂ ਅਤੇ ਅਫ਼ਸਰਾਂ ਨੂੰ ਦੋਬਾਰਾ ਲਿਆਂਦਾ ਗਿਆ ਹੈ।

ਜ਼ਿਕਰਯੋਗ ਹੈ ਕਿ ਕੱਲ੍ਹ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਮੈਂ ਕਦੇ ਵੀ ਪੰਜਾਬ ਦੇ ਭਵਿੱਖ ਅਤੇ ਪੰਜਾਬ ਦੀ ਭਲਾਈ ਦੇ ਏਜੰਡੇ ਨਾਲ ਸਮਝੌਤਾ ਨਹੀਂ ਕਰ ਸਕਦਾ। ਹਾਲਾਂਕਿ, ਉਨ੍ਹਾਂ ਨੇ ਆਪਣੀ ਚਿੱਠੀ ਵਿੱਚ ਅੱਗੇ ਲਿਖਿਆ ਸੀ ਕਿ ਉਹ ਕਾਂਗਰਸ ਲਈ ਕੰਮ ਕਰਦੇ ਰਹਿਣਗੇ।

ਟੀਵੀ ਪੰਜਾਬ ਬਿਊਰੋ