ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਯੋਜਨਾ ਲਾਗੂ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਵਿਧਾਇਕ ਇਕ ਪੈਨਸ਼ਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫਾਈਲ ਲੰਬੇ ਸਮੇਂ ਤੋਂ ਰਾਜਪਾਲ ਕੋਲ ਪੈਂਡਿੰਗ ਸੀ। ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖੁਦ ਸੀਐਮ ਭਗਵੰਤ ਮਾਨ ਨੇ ਟਵੀਟ ਕਰ ਕੇ ਦਿੱਤੀ ਹੈ।

ਹੁਣ ਤਕ ਸੂਬੇ ‘ਚ ਹਰੇਕ ਮਿਆਦ ਲਈ ਵੱਖਰੀ ਪੈਨਸ਼ਨ ਹੁੰਦੀ ਸੀ। ਮਿਸਾਲ ਵਜੋਂ ਜੇਕਰ ਕੋਈ ਆਗੂ ਪੰਜ ਵਾਰ ਵਿਧਾਇਕ ਬਣਿਆ ਤਾਂ ਉਸ ਨੂੰ ਪੰਜ ਪੈਨਸ਼ਨਾਂ ਮਿਲਦੀਆਂ ਸਨ, ਪਰ ਹੁਣ ਸਿਰਫ਼ ਇਕ ਪੈਨਸ਼ਨ ਮਿਲੇਗੀ। ਵਿਧਾਇਕਾਂ ਦੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੁਣ ਵਿਧਾਇਕਾਂ ਨੂੰ ਆਪਣਾ ਕਾਰਜਕਾਲ ਪੂਰਾ ਹੋਣ ‘ਤੋਂ ਬਾਅਦ 60 ਹਜ਼ਾਰ ਰੁਪਏ ਪੈਨਸ਼ਨ ਅਤੇ ਡੀਏ ਹੀ ਮਿਲੇਗਾ।

ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਇਕ ਤੋਂ ਜ਼ਿਆਦਾ ਪੈਨਸ਼ਨਾਂ ਲੈਣ ਵਾਲੇ ਸਾਬਕਾ ਵਿਧਾਇਕਾਂ ਦੀ ਗਿਣਤੀ 241 ਹੈ। ਇਕ ਪੈਨਸ਼ਨ ਦੇਣ ਨਾਲ 19.53 ਕਰੋੜ ਦਾ ਖ਼ਜ਼ਾਨੇ ਦਾ ਫਾਇਦਾ ਹੋਵੇਗਾ। ਸੂਬੇ ’ਤੇ ਵਿੱਤੀ ਬੋਝ ਘਟਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਹੀ ਵਿਧਾਇਕਾਂ ਲਈ ਸਿੰਗਲ ਪੈਨਸ਼ਨ ਸਕੀਮ ਦਾ ਐਲਾਨ ਕਰ ਦਿੱਤਾ ਸੀ।