ਸਾਕਾ ਨੀਲਾ ਤਾਰਾ ਦੀ ਬਰਸੀ ‘ਤੇ ਜੱਥੇਦਾਰ ਨੇ ਦਿੱਤਾ ਕੌਮ ਦੇ ਨਾਮ ਸੰਦੇਸ਼

ਡੈਸਕ- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਗਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ।

ਉਨ੍ਹਾਂ ਨੇ ਇੱਕ ਵਾਰ ਮੁੜ ਸਿੱਖਾਂ ਨੂੰ ਇਕਮੁਠ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ ਕਿਹਾ ਕਿ ਜੇਕਰ ਅਸੀਂ ਇਕੱਠੇ ਹੋ ਜਾਵਾਂਗੇ ਤਾਂ ਸਾਨੂੰ ਕਿਸੇ ਤੋਂ ਇਨਸਾਫ਼ ਮੰਗਣ ਦੀ ਲੋੜ ਨਹੀਂ ਪਵੇਗੀ, ਅਸੀਂ ਸਰਕਾਰ ਨੂੰ ਝੁਕਾ ਸਕਦੇ ਹਾਂ ਪਰ ਇਸ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ।

ਮੰਗਲਵਾਰ ਸਵੇਰ ਤੋਂ ਹੀ ਸਿੱਖ ਸੰਗਤਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ। ਕੁਝ ਨੇ 1984 ਦੇ ਸਾਕਾ ਨੀਲਾ ਤਾਰਾ ਦੀਆਂ ਤਸਵੀਰਾਂ ਫੜੀਆਂ ਹੋਈਆਂ ਹਨ। ਬਲਿਊ ਸਟਾਰ ਅਪਰੇਸ਼ਨ ਦਾ ਵਿਰੋਧ ਕਰਨ ਵਾਲਿਆਂ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਜਾ ਰਹੀ ਹੈ। ਪੂਰੇ ਸ਼ਹਿਰ ਵਿੱਚ ਨੀਲ ਫੌਜੀ ਬਲਾਂ ਦੀ ਤਾਇਨਾਤੀ ਵੀ ਕੀਤੀ ਗਈ ਹੈ। ਸ਼ਹਿਰ ਦੇ ਅੰਦਰ ਤੇ ਬਾਹਰ ਜਾਣ ਵਾਲੇ ਰਸਤਿਆਂ ‘ਤੇ ਨਾਕੇ ਲਾ ਕੇ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਹਰਿਮੰਦਰ ਸਾਹਿਬ ਦੇ ਬਾਹਰ ਪੁਲਿਸ, ਕਮਾਂਡੋ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੀ ਸਾਦੇ ਕੱਪੜਿਆਂ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਿਸ ਦੇ 250 ਤੋਂ ਵੱਧ ਮੈਂਬਰ ਤੇ ਸ਼੍ਰੋਮਣੀ ਕਮੇਟੀ ਦੇ 1500 ਤੋਂ ਵੱਧ ਅਧਿਕਾਰੀ ਤੇ ਮੁਲਾਜ਼ਮ ਵੀ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਤਾਇਨਾਤ ਰਹਿਣਗੇ। ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਦੀ 6 ਜੂਨ ਦੀ ਛੁੱਟੀ ਰੱਦ ਕਰ ਦਿੱਤੀ ਹੈ।