Site icon TV Punjab | Punjabi News Channel

ਵੈਕਟਰ ਬੋਰਨ ਡਿਸੀਜਿਜ਼ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਚਲਾਉਣ ਦੇ ਹੁਕਮ

ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਅੱਜ ਨਗਰ ਨਿਗਮ ਜਲੰਧਰ, ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਜ਼ਿਲ੍ਹੇ ਵਿਚ ਵੈਕਟਰ ਬੋਰਨ ਡਿਸੀਜਿਜ਼ (ਮੱਛਰ ਜਾਂ ਕੀਟ ਕਾਰਨ ਫੈਲਣ ਵਾਲੀਆਂ ਬਿਮਾਰੀਆਂ) ਨੂੰ ਫੈਲਣ ਤੋਂ ਰੋਕਣ ਲਈ ਵਿਆਪਕ ਮੁਹਿੰਮ ਵਿੱਢਣ ਦੀਆਂ ਹਦਾਇਤਾਂ ਦਿੱਤੀਆਂ।

ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਨਾਜ਼ੁਕ ਥਾਵਾਂ, ਜਿਥੇ ਮੱਛਰ ਦਾ ਲਾਰਵਾ ਪੈਦਾ ਹੁੰਦਾ ਹੈ, ਦੀ ਪਹਿਲਾਂ ਤੋਂ ਹੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਸਬੰਧੀ ਸਿਹਤ ਅਤੇ ਨਗਰ ਨਿਗਮ ਅਧਿਕਾਰੀਆਂ ਵੱਲੋਂ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਹਤ ਵਿਭਾਗ ਅਤੇ ਨਗਰ ਨਿਗਮ ਦੀ ਸਾਂਝੀ ਟੀਮ ਵੱਲੋਂ ਘਰ-ਘਰ ਜਾ ਕੇ ਸਰਵੇਖਣ ਕੀਤਾ ਜਾਵੇ ਅਤੇ ਉਨ੍ਹਾਂ ਸਥਾਨਾਂ ਦੀ ਚੈਕਿੰਗ ਕੀਤੀ ਜਾਵੇ ਜਿਥੇ ਮਾਲਕਾਂ ਦੀ ਅਣਗਿਹਲੀ ਕਰਕੇ ਏਅਰ-ਕੂਲਰਾਂ ਜਾਂ ਹੋਰ ਬੇਕਾਰ ਪਏ ਸਮਾਨ ਵਿਚ ਪਾਣੀ ਦੇ ਭੰਡਾਰਨ ਕਾਰਨ ਮੱਛਰ ਦਾ ਲਾਰਵਾ ਪੈਦਾ ਹੋ ਰਿਹਾ ਹੈ।

ਸ੍ਰੀ ਥੋਰੀ ਨੇ ਕਿਹਾ ਕਿ ਇਸ ਸਬੰਧ ਵਿਚ ਸਰਕਾਰੀ ਦਫ਼ਤਰਾਂ ਦਾ ਵੀ ਵਿਸ਼ੇਸ਼ ਨਿਰੀਖਣ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਏਅਰ-ਕੂਲਰਾਂ, ਪੁਰਾਣੇ/ਖਰਾਬ ਹੋਏ ਬਰਤਨਾਂ ਆਦਿ ਵਿਚ ਮੱਛਰ ਪੈਦਾ ਨਾ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਨਰੋਈ ਸਿਹਤ ਨੂੰ ਯਕੀਨੀ ਬਣਾਉਣ ਲਈ ਇਸ ਸਮੱਸਿਆ ਨਾਲ ਨਜਿੱਠਣ ਲਈ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਨ੍ਹਾਂ ਵੈਕਟਰ ਬੋਰਨ ਡਿਸੀਜਿਜ਼ ਨਾਲ ਸਮੇਂ ਸਿਰ ਨਜਿੱਠਣ ਲਈ ਵਿਆਪਕ ਪ੍ਰਬੰਧ ਕਰਨ ਦੀ ਲੋੜ ਹੈ। ਸ੍ਰੀ ਥੋਰੀ ਨੇ ਕਿਹਾ ਕਿ ਵਿਸ਼ੇਸ਼ ਕਰਕੇ ਸ਼ਹਿਰੀ ਖੇਤਰਾਂ ਵਿਚ ਉਚਿਤ ਜਾਗਰੂਕਤਾ ਅਤੇ ਲਾਗੂਕਰਨ ਨਾਲ ਹੀ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।

ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਡੇਂਗੂ ਦੀ ਬਿਮਾਰੀ ਖਿਲਾਫ਼ ਪੇਂਡੂ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪਿੰਡਾਂ ਵਿਚ ਜੀ.ਓ.ਜੀਜ਼ ਨਾਲ ਸਾਂਝੀ ਮੁਹਿੰਮ ਵਿੱਢਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦੋਹਰੇ ਉਦੇਸ਼ ਨਾਲ ਵਿਆਪਕ ਮੁਹਿੰਮ ਚਲਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਿਤ ਚਲਾਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਡੇਂਗੂ ਤੋਂ ਬਚਾਇਆ ਜਾ ਸਕੇ।

ਟੀਵੀ ਪੰਜਾਬ ਬਿਊਰੋ

Exit mobile version