ਪਾਕਿਸਤਾਨ ਨੇ ਸਈਅਦ ਅਲੀ ਸ਼ਾਹ ਗਿਲਾਨੀ ਦੀ ਮੌਤ ‘ਤੇ ਸੋਗ ਮਨਾਇਆ

ਇਸਲਾਮਾਬਾਦ : ਪਾਕਿਸਤਾਨ ਨੇ ਵੀਰਵਾਰ ਨੂੰ ਕਸ਼ਮੀਰੀ ਵੱਖਵਾਦੀ ਨੇਤਾ ਸਈਅਦ ਅਲੀ ਸ਼ਾਹ ਗਿਲਾਨੀ ਦੀ ਮੌਤ ‘ਤੇ ਸੋਗ ਮਨਾਇਆ। ਗਿਲਾਨੀ (91) ਦੀ ਲੰਬੀ ਬਿਮਾਰੀ ਤੋਂ ਬਾਅਦ ਬੁੱਧਵਾਰ ਰਾਤ ਨੂੰ ਸ਼੍ਰੀਨਗਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੌਤ ਹੋ ਗਈ ਸੀ।

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਉਹ ਗਿਲਾਨੀ ਦੀ ਮੌਤ ਬਾਰੇ ਜਾਣ ਕੇ ਬਹੁਤ ਦੁਖੀ ਹੋਏ ਹਨ। ਖਾਨ ਨੇ ਕਿਹਾ, “ਪਾਕਿਸਤਾਨ ਦਾ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਅਸੀਂ ਸਰਕਾਰੀ ਸੋਗ ਦਾ ਦਿਨ ਮਨਾਵਾਂਗੇ।”

ਰਾਸ਼ਟਰਪਤੀ ਆਰਿਫ ਅਲਵੀ ਨੇ ਵੀ ਉਨ੍ਹਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪਿਛਲੇ ਸਾਲ ਗਿਲਾਨੀ ਨੂੰ ਪਾਕਿਸਤਾਨ ਦੇ ਸਰਵਉੱਚ ਨਾਗਰਿਕ ਪੁਰਸਕਾਰ “ਨਿਸ਼ਾਨ-ਏ-ਪਾਕਿਸਤਾਨ” ਨਾਲ ਸਨਮਾਨਿਤ ਕੀਤਾ ਸੀ।

ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ, ਸੂਚਨਾ ਮੰਤਰੀ ਫਵਾਦ ਚੌਧਰੀ ਅਤੇ ਸੂਚਨਾ ਰਾਜ ਮੰਤਰੀ ਫਾਰੂਕ ਹਬੀਬ ਨੇ ਵੀ ਗਿਲਾਨੀ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ।

ਵਿਦੇਸ਼ ਦਫਤਰ ਦੇ ਬੁਲਾਰੇ ਅਸੀਮ ਇਫਤਿਖਾਰ ਅਹਿਮਦ ਨੇ ਟਵੀਟ ਕੀਤਾ ਕਿ ਦੇਸ਼ ਗਿਲਾਨੀ ਦੇ ਨਿਆਂ ਅਤੇ ਆਜ਼ਾਦੀ ਦੇ ਜੀਵਨ ਭਰ ਦੇ ਸੰਘਰਸ਼ ਨੂੰ ਸਲਾਮ ਕਰਦਾ ਹੈ।

ਟੀਵੀ ਪੰਜਾਬ ਬਿਊਰੋ