ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 3 ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਨੂੰ ਸੰਬੋਧਨ ਕਰਦਿਆਂ 3 ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮੈਂ ਦੇਸ਼ ਵਾਸੀਆਂ ਤੋਂ ਮਾਫੀ ਮੰਗਦਾ ਹਾਂ।

ਉਨ੍ਹਾਂ ਕਿਹਾ ਕਿ ਸਾਡੇ ਵਿਚ ਕਮੀ ਰਹਿ ਗਈ ਹੋਣੀ ਜੋ ਅਸੀਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਨਹੀਂ ਸਮਝਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਸੰਸਦ ਦੇ ਸੈਸ਼ਨ ਵਿਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪ੍ਰਕਿਰਿਆ ਸ਼ੁਰੂ ਕਰਾਂਗੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਡੇਢ ਸਾਲ ਬਾਅਦ ਖੁਲ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਛੋਟੇ ਕਿਸਾਨਾਂ ਦੀ ਸੰਖਿਆ 10 ਕਰੋੜ ਤੋਂ ਜ਼ਿਆਦਾ ਹੈ। ਥੋੜ੍ਹੀ ਜਿਹੀ ਜ਼ਮੀਨ ਸਹਾਰੇ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ।

ਦੇਸ਼ ਦੇ ਛੋਟੇ ਕਿਸਾਨਾਂ ਦੀ ਚੁਣੌਤੀਆਂ ਦੂਰ ਕਰਨ ਲਈ ਸਰਕਾਰ ਨੇ ਬੀਮਾ, ਬੀਜ, ਆਦਿ ਲਈ ਅਸੀਂ ਚੌਤਰਫਾ ਕੰਮ ਕੀਤਾ ਹੈ। ਛੋਟੇ ਕਿਸਾਨਾਂ ਲਈ ਪੈਂਨਸਨਾਂ ਵੀ ਲੈ ਕੇ ਆਏ ਹਾਂ। ਅਸੀਂ ਕਿਸਾਨਾਂ ਨੂੰ ਆਪਣੀ ਫਸਲ ਕਿਤੇ ਵੀ ਵੇਚਣ ਦੀ ਸਹੂਲਤ ਦਿੱਤੀ।

ਉਨ੍ਹਾਂ ਕਿਹਾ ਕਿ ਕੇਂਦਰ ਦਾ ਖੇਤੀ ਬਜਟ ਪੰਜ ਗੁਣਾ ਵੱਧ ਗਿਆ ਹੈ। ਸਰਕਾਰ ਕਿਸਾਨਾਂ ਦੇ ਹਿੱਤ ਵਿਚ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਥਿਤੀ ਸੁਧਾਰਨ ਲਈ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸੀ।

ਪਹਿਲਾਂ ਵੀ ਕਈ ਸਰਕਾਰਾਂ ਨੇ ਇਸ ਉੱਪਰ ਮੰਥਨ ਵੀ ਕੀਤਾ। ਇਹ ਡਿਮਾਂਡ ਕਿਸਾਨਾਂ ਤੇ ਸੰਗਠਨਾਂ ਵੱਲੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕਈ ਕਿਸਾਨ ਸੰਗਠਨਾਂ ਨੇ ਇਨ੍ਹਾਂ ਕਾਨੂੰਨਾਂ ਦਾ ਸਵਾਗਤ ਵੀ ਕੀਤਾ ਸੀ।

ਅਸੀਂ ਨੇਕ ਨੀਯਤ ਨਾਲ ਕਾਨੂੰਨ ਲੈ ਕੇ ਆਏ ਸੀ ਪਰ ਅਸੀਂ ਕੁਝ ਕਿਸਾਨਾਂ ਨੂੰ ਇਹ ਸਮਝਾ ਨਹੀਂ ਸਕੇ। ਕਿਸਾਨਾਂ ਦਾ ਇਕ ਵਰਗ ਹੀ ਇਨ੍ਹਾਂ ਦਾ ਵਿਰੋਧ ਕਰ ਰਿਹਾ ਹੈ। ਅਸੀਂ ਖੁਲ੍ਹੇ ਮੰਨ ਨਾਲ ਉਨ੍ਹਾਂ ਨੂੰ ਸਮਝਾਉਂਦੇ ਰਹੇ। ਅਸੀਂ ਕਿਸਾਨਾਂ ਦੇ ਤਰਕ ਨੂੰ ਸਮਝਣ ਵਿਚ ਕੋਈ ਕਸਰ ਨਹੀਂ ਛੱਡੀ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਵਾਗਤ

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਅਸੀਂ ਸਾਰੇ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ, ਉਚਿਤ ਸੰਸਦੀ ਪ੍ਰਕਿਰਿਆਵਾਂ ਦੁਆਰਾ ਘੋਸ਼ਣਾ ਦੇ ਲਾਗੂ ਹੋਣ ਦੀ ਉਡੀਕ ਕਰੇਗਾ।

ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ਦੇ ਕਿਸਾਨਾਂ ਦੇ ਇੱਕ ਸਾਲ ਦੇ ਸੰਘਰਸ਼ ਦੀ ਇਤਿਹਾਸਕ ਜਿੱਤ ਹੋਵੇਗੀ। ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜਦੋਂ ਤੱਕ ਸੰਸਦ ਵਿਚ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਮੋਰਚਾ ਜਾਰੀ ਰਹੇਗਾ।

ਇਸ ਤੋਂ ਇਲਾਵਾ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਗਾਜ਼ੀਪੁਰ ਸਰਹੱਦ ‘ਤੇ ਲੋਕ ‘ਜਲੇਬੀਆਂ’ ਨਾਲ ਜਸ਼ਨ ਮਨਾਉਂਦੇ ਹੋਏ ਨਜ਼ਰ ਆਏ।

ਬਾਦਲ ਵੱਲੋਂ ਕਿਸਾਨਾਂ ਨੂੰ ਵਧਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਤੋਂ ਬਾਅਦ ਕਿਸਾਨਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵੀ ਸੰਗਤਾਂ ਨੂੰ ਵਧਾਈ ਦਿੱਤੀ।

ਕੈਪਟਨ ਵੱਲੋਂ ਧੰਨਵਾਦ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।

ਕਿਸਾਨ ਪਿਛਲੇ ਸਾਲ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਜਯੰਤੀ ਦੇ ਸ਼ੁਭ ਅਵਸਰ ‘ਤੇ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਹਰ ਪੰਜਾਬੀ ਦੀਆਂ ਮੰਗਾਂ ਮੰਨਣ ਅਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਧੰਨਵਾਦੀ ਹਾਂ।

ਮੈਨੂੰ ਯਕੀਨ ਹੈ ਕਿ ਕੇਂਦਰ ਸਰਕਾਰ ਖੇਤੀਬਾੜੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਦੀ ਰਹੇਗੀ। ਜੇ ਕਿਸਾਨ ਨਹੀਂ ਤਾਂ ਰੋਟੀ ਨਹੀਂ ਹੈ।

ਟੀਵੀ ਪੰਜਾਬ ਬਿਊਰੋ