Site icon TV Punjab | Punjabi News Channel

ਪੰਜਾਬ ਭਾਜਪਾ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਤੋਂ ਕੀਤੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਆਗੂਆਂ ਨੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਕਰਨ ਵਾਲੇ ਆਗੂਆਂ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੂਬਾ ਇੰਚਾਰਜ ਦੁਸ਼ਯੰਤ ਗੌਤਮ, ਪਾਰਟੀ ਦੇ ਬੁਲਾਰੇ ਆਰਪੀ ਸਿੰਘ ਅਤੇ ਦਿੱਲੀ ਤੋਂ ਪਾਰਟੀ ਦੇ ਆਗੂ ਤੇਜਿੰਦਰ ਬੱਗਾ ਸ਼ਾਮਲ ਸਨ।

ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦੀ ਬੇਨਤੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਾਡੀ ਬੇਨਤੀ ‘ਤੇ ਵਿਚਾਰ ਕਰਨਗੇ ਤਾਂ ਜੋ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਕੋਈ ਚੰਗੀ ਖ਼ਬਰ ਆਵੇ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਗੁਰਪੁਰਬ ‘ਤੇੋ ਕਰਤਾਰਪੁਰ ਲਾਂਘਾ ਖੋਲ੍ਹਿਆ ਜਾ ਸਕਦਾ ਹੈ, ਅਜਿਹਾ ਪੀਐੱਮ ਮੋਦੀ ਨੇ ਭਰੋਸਾ ਦਿਵਾਇਆ ਹੈ ਕਿ ਉਹ ਇਸ ‘ਤੇ ਵਿਚਾਰ ਕਰਨਗੇ।

ਇਹ ਪੁੱਛੇ ਜਾਣ ‘ਤੇ ਕਿ ਕੀ ਖੇਤੀ ਕਾਨੂੰਨਾਂ ਬਾਰੇ ਕੋਈ ਗੱਲਬਾਤ ਹੋਈ ਹੈ, ਗਰੇਵਾਲ ਨੇ ਕਿਹਾ ਕਿ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਇਸ ਵਿਸ਼ੇ ‘ਤੇ ਬਾਅਦ ਵਿੱਚ ਪ੍ਰੈਸ ਨੂੰ ਜਾਣਕਾਰੀ ਦੇਣਗੇ। ਇਸ ਤਰ੍ਹਾਂ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਭਾਜਪਾ ਅਗਲੇ ਸਾਲ ਦੇ ਸ਼ੁਰੂ ਵਿਚ ਪੰਜਾਬ ਅਤੇ ਉੱਤਰ ਪ੍ਰਦੇਸ਼ ਦੀਆਂ ਚੋਣਾਂ ਤੋਂ ਪਹਿਲਾਂ ਖੇਤੀ ਕਾਨੂੰਨਾਂ ਦਾ ਮਸਲਾ ਸੁਲਝਾ ਸਕਦੀ ਹੈ।

ਟੀਵੀ ਪੰਜਾਬ ਬਿਊਰੋ

Exit mobile version