ਪੰਜਾਬ ਕੈਬਨਿਟ ਦੀ ਮੀਟਿੰਗ ਅੱਜ , ਸਰਦ ਰੁੱਤ ਸੈਸ਼ਨ ਨੂੰ ਲੈ ਕੇ ਵੀ ਹੋ ਸਕਦੀ ਚਰਚਾ

ਚੰਡੀਗੜ੍ਹ – ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਜਾਣਕਾਰੀ ਮੁਤਾਬਕ ਕੈਬਨਿਟ ਮੀਟਿੰਗ ‘ਚ ਸਰਦ ਰੁੱਤ ਸੈਸ਼ਨ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਨੂੰ ਲਾਗੂ ਕਰਨ ਦਾ ਮੁੱਦਾ ਵੀ ਕੈਬਨਿਟ ਮੀਟਿੰਗ ਵਿੱਚ ਵਿਚਾਰਿਆ ਜਾ ਸਕਦਾ ਹੈ। ਇਸ ਦੌਰਾਨ ਪੰਜਾਬ ਕੈਬਨਿਟ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਨਵੀਆਂ ਯੋਜਨਾਵਾਂ ਤੋਂ ਇਲਾਵਾ ਸੂਬੇ ਦੇ ਵਿਕਾਸ ਲਈ ਵਿਧਾਨ ਸਭਾ ਸੈਸ਼ਨ ਵਿੱਚ ਕਿਹੜੀਆਂ ਤਜਵੀਜ਼ਾਂ ‘ਤੇ ਮੋਹਰ ਲਗਾਈ ਜਾ ਸਕਦੀ ਹੈ, ਬਾਰੇ ਚਰਚਾ ਕੀਤੀ ਜਾਵੇਗੀ। ਅੱਜ ਦੀ ਇਸ ਅਹਿਮ ਮੀਟਿੰਗ ਵਿਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਹੁਣ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਹੈ। ਸੂਤਰਾਂ ਮੁਤਾਬਕ ਆਪ ਸਰਕਾਰ ਦੇ ਦੋ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ। ਜਿਨ੍ਹਾਂ ਵਿਭਾਗਾਂ ਵਿੱਚ ਉਮੀਦ ਮੁਤਾਬਕ ਕੰਮ ਨਹੀਂ ਹੋ ਸਕਿਆ ਜਾਂ ਜਿਨ੍ਹਾਂ ਦੀ ਕਾਰਵਾਈ ਤਸੱਲੀਬਖਸ਼ ਨਹੀਂ ਸੀ, ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਥਾਂ ਮੰਤਰੀ ਮੰਡਲ ਵਿੱਚੋਂ 2-3 ਨਵੇਂ ਚਿਹਰਿਆਂ ਨੂੰ ਹਟਾਇਆ ਜਾ ਸਕਦਾ ਹੈ। ਫਿਲਹਾਲ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਜਾਂ ਕਿਸੇ ਹੋਰ ਕੈਬਨਿਟ ਮੰਤਰੀ ਵੱਲੋਂ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।

ਦੱਸ ਦੇਈਏ ਕਿ ਗੁਜਰਾਤ ਅਤੇ ਹਿਮਾਚਲ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਸ ਦੇ ਨਾਲ ਹੀ ‘ਆਪ ਕਨਵੀਨਰ ਅਰਵਿੰਦ ਕੇਜਰੀਵਾਲ’ ਦੇ ਨਿਰਦੇਸ਼ਾਂ ‘ਤੇ ਅੱਠ ਮਹੀਨਿਆਂ ਤੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਦੇ ਕੰਮਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਕਰਕੇ ਹੁਣ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਦੋ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ।