ਜਲੰਧਰ : ਪੰਜਾਬ ਸਰਕਾਰ ਨੇ ਉਲੰਪਿਕ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਅਤੇ ਚਾਰ ਸਾਲ ਬਾਅਦ ਹੋਣ ਵਾਲੇ ਵਿਸ਼ਵ ਕੱਪ ਦੇ ਤਮਗਾ ਜੇਤੂ ਖਿਡਾਰੀਆਂ ਨੂੰ ਦੀਵਾਲੀ ਦਾ ਤੋਹਫਾ ਦਿੰਦਿਆਂ ਸਰਕਾਰੀ ਨੌਕਰੀ ਦੇਣ ਲਈ ਅਰਜ਼ੀਆਂ ਮੰਗੀਆਂ ਹਨ।
ਇਹ ਖੁਲਾਸਾ ਸੂਬੇ ਦੇ ਖੇਡ ਮੰਤਰੀ ਪਰਗਟ ਸਿੰਘ ਜੋ ਖੁਦ ਸਾਬਕਾ ਹਾਕੀ ਉਲੰਪੀਅਨ ਕਪਤਾਨ ਹਨ, ਨੇ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਅਤੇ ਵੱਡੇ ਕੌਮਾਂਤਰੀ ਮੁਕਾਬਲਿਆਂ ਵਿਚ ਤਮਗਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀ ਪ੍ਰਾਪਤੀਆਂ ਨੂੰ ਮਾਨਤਾ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀਂ ਕੈਬਨਿਟ ਮੀਟਿੰਗ ਦੌਰਾਨ ਟੋਕੀਓ ਉਲੰਪਿਕ ਖੇਡਾਂ ਵਿਚ ਕਾਂਸੀ ਦਾ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਉਨ੍ਹਾਂ ਨੂੰ ਪੀ.ਸੀ.ਐਸ. ਜਾਂ ਪੀ.ਪੀ.ਐਸ. ਦੀ ਨੌਕਰੀ ਦੀ ਆਫ਼ਰ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਵੱਲੋਂ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਉਲੰਪਿਕ ਖੇਡਾਂ, ਏਸ਼ਿਆਈ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਅਤੇ ਚਾਰ ਸਾਲ ਬਾਅਦ ਹੋਣ ਵਾਲੇ ਵਿਸ਼ਵ ਕੱਪ (ਹਾਕੀ, ਅਥਲੈਟਿਕਸ, ਬਾਸਕਟਬਾਲ ਤੇ ਫੁਟਬਾਲ) ਵਿਚ ਤਮਗਾ ਜਿੱਤਣ ਵਾਲੇ ਖਿਡਾਰੀ ਤਮਗਾ ਜਿੱਤਣ ਦੇ ਚਾਰ ਸਾਲਾਂ ਦੇ ਵਕਫੇ ਅੰਦਰ ਨੌਕਰੀ ਲਈ ਅਪਲਾਈ ਕਰ ਸਕਦੇ ਹਨ।
ਟੀਵੀ ਪੰਜਾਬ ਬਿਊਰੋ