ਲੁਟੇਰਿਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਇਆ ਪੰਜਾਬ ਪੁਲਿਸ ਦਾ ਜਵਾਨ, ਸਰਕਾਰ ਦੇਵੇਗੀ ਦੋ ਕਰੋੜ

ਫਗਵਾੜਾ- ਬੈਂਕ ਮੁਲਾਜ਼ਮ ਦੀ ਕਾਰ ਖੋਹ ਕੇ ਨੱਠ ਰਹੇ ਮੁਲਜ਼ਮਾਂ ਦਾ ਪਿੱਛਾ ਕਰ ਰਹੇ ਪੰਜਾਬ ਦੇ ਬਹਾਦਰ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ‘ਤੇ ਗੋਲੀ ਚਲਾ ਦਿੱਤੀ ਗਈ ।ਜਿਸ ਨਾਲ ਕੁਲਦੀਪ ਸਿੰਘ ਸ਼ਹੀਦ ਹੋ ਗਿਆ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੀ ਦੇਸ਼ ਲਈ ਮਹਾਨ ਕੁਰਬਾਨੀ ਦੇ ਸਤਿਕਾਰ ਵਜੋਂ ਉਸ ਦੇ ਪਰਿਵਾਰ ਨੂੰ ਦੋ ਕਰੋੜ ਰੁਪਏ ਦੇਣ ਦੇ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਕੁਲਦੀਪ ਬਾਜਵਾ ਨੇ ਫਗਵਾੜਾ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦਿਆਂ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਦੋ ਕਰੋੜ ਰੁਪਏ ਵਿੱਚੋਂ ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ ਕਰੋੜ ਰੁਪਏ ਬੀਮੇ ਦੇ ਰੂਪ ਵਿੱਚ ਐਚ.ਡੀ.ਐਫ.ਸੀ. ਬੈਂਕ ਵਜੋਂ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਰਾਸ਼ੀ ਸ਼ਹੀਦ ਵੱਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਦਿੱਤੀ ਕੁਰਬਾਨੀ ਦੇ ਸਤਿਕਾਰ ਵਜੋਂ ਦਿੱਤੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਮਾਤ-ਭੂਮੀ ਦੀ ਰੱਖਿਆ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਇਹ ਘਟਨਾ ਦੇਰ ਰਾਤ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਸਾਰ ਮੌਕੇ ‘ਤੇ ਐੱਸਐੱਸਪੀ ਨਵਨੀਤ ਸਿੰਘ ਬੈਂਸ ਵੀ ਸਿਵਲ ਹਸਪਤਾਲ ਪੁੱਜੇ ਅਤੇ ਅਧਿਕਾਰੀਆਂ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਅਰਬਨ ਅਸਟੇਟ ਦੇ ਰਹਿਣ ਵਾਲੇ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੀ ਕਰੇਟਾ ਗੱਡੀ ਅਰਬਨ ਅਸਟੇਟ ਕੋਲੋ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਖੋਹ ਲਈ ਜਿਸ ਦੀ ਸ਼ਿਕਾਇਤ ਮਿਲਣ ‘ਤੇ ਪੁਲਿਸ ਪੁਲਿਸ ਮੁਲਾਜ਼ਮਾਂ ਵਲੋਂ ਗੱਡੀ ਵਿਚ ਜੀਪੀਆਰ ਐੱਸ ਸਿਸਟਮ ਲੱਗਾ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਵਲੋਂ ਗੱਡੀ ਦਾ ਪਿੱਛਾ ਕੀਤਾ ਜਾ ਰਿਹਾ ਸੀ। ਫਿਲੌਰ ਨੇੜੇ ਗੱਡੀ ਲੁੱਟਣ ਵਾਲਿਆਂ ਨੇ ਗੋਲ਼ੀਆਂ ਚਲਾ ਦਿੱਤੀਆਂ ਜਿਸ ਕਾਰਨ ਗੋਲ਼ੀ ਲੱਗਣ ਨਾਲ ਪੁਲਿਸ ਮੁਲਾਜ਼ਮ ਕੁਲਦੀਪ ਸਿੰਘ ਬਾਜਵਾ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਫਗਵਾੜਾ ਦੇ ਨਿੱਜੀ ਹਸਪਤਾਲ਼ ਲਿਆਂਦਾ ਜਾ ਰਿਹਾ ਸੀ ਪਰ ਰਾਹ ਵਿਚ ਹੀ ਉਸ ਦੀ ਮੌਤ ਹੋ ਗਈ।