ਮੂਸਾ ਪਿੰਡ ਪੁੱਜੇ ਰਾਹੁਲ ਗਾਂਧੀ , ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮਾਨਸਾ- ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪਿੰਡ ਮੂਸਾ ਪੁੱਜ ਗਏ ਹਨ । ਜਿੱਥੇ ਉਹ ਗਾਇਕ ਅਤੇ ਕਾਂਗਰਸ ਆਗੂ ਮਰਹੂਮ ਸ਼ੁੱਭਦੀਪ ਸਿੰਘ ਊਰਫ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲੇ ।ਰਾਹੁਲ ਗਾਂਧੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ।ਇਸ ਮੌਕੇ ‘ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਹੋਰ ਕਾਂਗਰਸੀ ਆਗੂ ਮੌਜੂਦ ਸਨ ।

ਇਸ ਤੋਂ ਪਹਿਲਾਂ ਸਵੇਰੇ ਚੰਡੀਗੜ੍ਹ ਪੁੱਜਣ ‘ਤੇ ਰਾਜਾ ਵੜਿੰਗ , ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ, ਪਰਗਟ ਸਿੰਘ , ਸੰਗਤ ਸਿੰਘ ਗਿਲਜੀਆਂ ਸਮੇਤ ਤਮਾਮ ਲੀਡਰਸ਼ਿਪ ਨੇ ਆਪਣੇ ਕੇਂਦਰੀ ਨੇਤਾ ਦਾ ਸਵਾਗਤ ਕੀਤਾ ।

ਇੱਥੇ ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਵਿਧਾਨ ਸਭਾ ਚੋਣਾਂ ‘ਚ ਮਾਨਸਾ ਸੀਟ ਤੋਂ ਚੋਣ ਲੜੀ ਸੀ ਅਤੇ ਉਸ ਸਮੇਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਿੱਧੂ ਮੂਸੇਵਾਲਾ ਦੇ ਪ੍ਰਚਾਰ ਲਈ ਪਹੁੰਚੇ ਸਨ। ਉਨ੍ਹਾਂ ਇਕ ਬਹੁਤ ਵੱਡੀ ਰੈਲੀ ਨੂੰ ਸੰਬੋਧਨ ਕੀਤਾ ਸੀ। ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਜੇ ਸਿੰਗਲਾ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਉਨ੍ਹਾਂ ਦੇ ਪਿੰਡ ਨੇੜੇ ਗੈਂਗਸਟਰਾਂ ਨੇ ਗੋਲੀ ਮਾਰ ਦਿੱਤੀ ਸੀ। ਰਾਹੁਲ ਗਾਂਧੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ‘ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਉਨ੍ਹਾਂ ਦੀ ਮਾਂ ਨਾਲ ਮੁਲਾਕਾਤ ਕੀਤੀ ਸੀ। ਮੂਸੇਵਾਲਾ ਦਾ ਭੋਗ 8 ਜੂਨ ਨੂੰ ਹੈ।